- News18-Punjabi
- Last Updated: April 3, 2021, 3:08 PM IST
- News18 Punjabi
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਖਿਆ ਹੈ ਕਿ ਪਾਕਿਸਤਾਨ ਮੌਜੂਦਾ ਹਾਲਾਤ ਵਿਚ ਭਾਰਤ ਨਾਲ ਕਿਸੇ ਤਰ੍ਹਾਂ ਦਾ ਕੋਈ ਵਪਾਰ ਨਹੀਂ ਕਰੇਗਾ। ਇਹ ਫੈਸਲਾ ਉਨ੍ਹਾਂ ਕੈਬਨਿਟ ਮੰਤਰੀਆਂ ਨਾਲ ਕਪਾਹ ਤੇ ਖੰਡ ਦੀ ਗੁਆਂਢੀ ਦੇਸ਼ ਤੋਂ ਦਰਾਮਦ ਕਰਨ ਸਬੰਧੀ ਹੋਈ ਮੀਟਿੰਗ ਵਿਚ ਲਿਆ। ਇਹ ਵੀ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਖਾਨ ਨੇ ਬੀਤੇ ਦਿਨੀਂ ਵਪਾਰ ਮੰਤਰੀ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਦੋਵੇਂ ਵਸਤਾਂ ਦੀ ਦਰਾਮਦ ਕਰਨ ਦੇ ਹੋਰ ਰਾਹ ਤਲਾਸ਼ਣ।
ਦੱਸ ਦਈਏ ਕਿ ਪਾਕਿਸਤਾਨ ਦੇ ਮੰਤਰੀ ਮੰਡਲ ਨੇ ਆਰਥਿਕ ਤਾਲਮੇਲ ਕਮੇਟੀ (ਈਸੀਸੀ) ਵੱਲੋਂ ਭਾਰਤ ਤੋਂ ਖੰਡ ਅਤੇ ਕਪਾਹ ਮੰਗਵਾਏ ਜਾਣ ਦੇ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਹੈ। ਦੋ ਸੀਨੀਅਰ ਮੰਤਰੀਆਂ ਨੇ ਕਿਹਾ ਕਿ ਨਵੀਂ ਦਿੱਲੀ ਨਾਲ ਸਬੰਧ ਉਦੋਂ ਤੱਕ ਠੀਕ ਨਹੀਂ ਹੋ ਸਕਦੇ ਜਦੋਂ ਤੱਕ ਉਹ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਵਾਪਸ ਨਹੀਂ ਲੈ ਲੈਂਦਾ ਹੈ।
ਇਸ ਮੁੱਦੇ ਨੂੰ ਲੈ ਕੇ ਅਧਿਕਾਰੀ ਖਾਮੋਸ਼ ਸਨ ਅਤੇ ਅਖੀਰ ’ਚ ਫ਼ੈਸਲੇ ਬਾਰੇ ਪਹਿਲੀ ਟਿੱਪਣੀ ਮਨੁੱਖੀ ਅਧਿਕਾਰਾਂ ਬਾਰੇ ਮਾਮਲਿਆਂ ਦੀ ਮੰਤਰੀ ਸ਼ਿਰੀਨ ਮਜਾਰੀ ਵੱਲੋਂ ਆਈ ਜੋ ਕਸ਼ਮੀਰ ਨੂੰ ਲੈ ਕੇ ਆਪਣੇ ਕੱਟੜ ਰਵੱਈਏ ਲਈ ਮੰਨੀ ਜਾਂਦੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੰਤਰੀ ਮੰਡਲ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਭਾਰਤ ਨਾਲ ਕੋਈ ਵਪਾਰ ਨਹੀਂ ਹੋਵੇਗਾ।
ਉਸ ਨੇ ਦੱਸਿਆ ਕਿ 20 ਮਾਰਚ ਨੂੰ ਕਰੋਨਾ ਤੋਂ ਪੀੜਤ ਹੋਣ ਮਗਰੋਂ ਮੰਤਰੀ ਮੰਡਲ ਦੀ ਪਹਿਲੀ ਵਾਰ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਹ ਸਪੱਸ਼ਟ ਕੀਤਾ ਕਿ ਭਾਰਤ ਨਾਲ ਰਿਸ਼ਤੇ ਕਸ਼ਮੀਰ ’ਚ ਕੀਤੀ ਗਈ ਕਾਰਵਾਈ ਨੂੰ ਵਾਪਸ ਲੈਣ ਤੱਕ ਸੁਖਾਵੇਂ ਨਹੀਂ ਹੋਣਗੇ।