- News18-Punjabi
- Last Updated: March 13, 2021, 9:48 AM IST
- News18 Punjabi
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਸੰਘਰਸ਼ ਕੀਤਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਹਰਿਆਣਾ ਵਿਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ ਕੀਤੇ ਜਾ ਰਹੇ ਜਬਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਣਗੇ ਭਾਵੇਂ ਉਹਨਾਂ ਖਿਲਾਫ 10 ਕੇਸ ਕਿਉਂ ਨਾ ਦਰਜ ਕਰ ਲਏ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੀ ਧਮਕੀ ਅਨੁਸਾਰ ਅਸੀਂ ਕੋਈ ਵੀ ਕੇਸ ਦਰਜ ਹੋਣ ਤੋਂ ਡਰਨ ਵਾਲੇ ਨਹੀਂ ਹਾਂ। ਉਹਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਵਾਸਤੇ ਅਸੀਂ ਜੇਲ੍ਹ ਜਾਣ ਵਾਸਤੇ ਵੀ ਤਿਆਰ ਹਾਂ। ਉਹਨਾਂ ਕਿਹਾ ਕਿ ਅਸੀਂ ਹਰਿਆਣਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖਿਲਾਫ ਆਪਣਾ ਸੰਘਰਸ਼ ਜਾਰੀ ਰੱਖਾਂਗੇ।
ਅਕਾਲੀ ਦਲ ਦੇ ਵਿਧਾਇਕਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹਨਾਂ ਨੇ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਤੇ ਸਿੱਖ ਨੌਜਵਾਨਾਂ ਨਾਲ ਹਰਿਆਣਾ ਸਰਕਾਰ ਵੱਲੋਂ ਕੀਤੇ ਬੇਰਹਿਮੀ ਵਾਲੇ ਰਵੱਈਏ ਦੀ ਨਿਖੇਧੀ ਕਰ ਕੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਕੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਹੈ।
ਉਹਨਾਂ ਕਿਹਾ ਕਿ ਵਿਧਾਨ ਸਭਾ ਉਨੀ ਹੀ ਪੰਜਾਬ ਦੀ ਹੈ ਜਿੰਨੀ ਕਿ ਹਰਿਆਣਾ ਦੀ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਉਹੀ ਦਮਨਕਾਰੀ ਨੀਤੀਆਂ ਸਾਡੇ ਖਿਲਾਫ ਵਰਤਣ ਦਾ ਯਤਨ ਕਰ ਰਹੀ ਹੈ ਜੋ ਉਸ ਨੇ ਕਿਸਾਨ ਅੰਦੋਲਨ ਦੇ ਖਿਲਾਫ ਵਰਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਅੰਨਦਾਤਾ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਾਂ।
ਵਿਧਾਇਕਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹਨਾਂ ਨੇ ਕਿਸਾਨਾਂ ਦੇ ਨਾਲ ਨਾਲ ਮਨੁੱਖੀ ਅਧਿਕਾਰ ਕਾਰਕੁੰਨ ਨੌਦੀਪ ਕੌਰ ਤੇ ਸ਼ਿਵ ਕੁਮਾਰ ਦੇ ਨਾਲ ਕੀਤੇ ਅਣਮਨੁੱਖੀ ਵਿਵਹਾਰ ਅਤੇ ਰਣਜੀਤ ਕੌਰ ਤੇ ਹੋਰਨਾਂ ਦੇ ਧਾਰਮਿਕ ਕੱਕਾਰਾਂ ਦੀ ਬੇਅਦਬੀ ਦਾ ਮਾਮਲਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਵੀ ਚੁੱਕਿਆ ਸੀ।
ਅਕਾਲੀ ਵਿਧਾਇਕਾਂ ਨੇ ਸਪਸ਼ਟ ਕੀਤਾ ਕਿ ਜਿਥੇ ਤੱਕ ਕਿਸਾਨ ਅੰਦੋਲਨ ਦਾ ਸਵਾਲ ਹੈ ਤਾਂ ਹਰਿਆਣਾ ਤੇ ਪੰਜਾਬ ਦੇ ਕਿਸਾਨ ਇਕਜੁੱਟ ਹਨ। ਉਹਨਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਮੰਗ ਕੀਤੀ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਉਹਨਾਂ ਨਾਲ ਨਿਆਂ ਕਰਨ।
ਉਹਨਾਂ ਕਿਹਾ ਕਿ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਣਾ ਚਾਹੁੰਦੇ ਸੀ ਕਿ ਕਿਸਾਨ ਅੰਦੋਲਨ ਵਿਚ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਅਤੇ ਉਹਨਾਂ ਨੂੰ ਅੰਨਦਾਤਾ ਦੀ ਆਵਾਜ਼ ਸੁਣ ਕੇ ਇਸ ਸਭ ਕੁਝ ਨੁੰ ਰੋਕਣਾ ਚਾਹੀਦਾ ਹੈ ਨਾ ਕਿ ਸ਼ਾਂਤੀਪੂਰਨ ਅੰਦੋਲਨ ਨੂੰ ਕੁਚਲਣ ਦਾ ਯਤਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਸੀਂ ਆਪਣਾ ਇਹ ਕੰਮ ਜਾਰੀ ਰੱਖਾਂਗੇ।ਅਕਾਲੀ ਵਿਧਾਇਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ ਵੱਡਾ ਐਲਾਨ...