ਨਿਤਿਸ਼ ਸਭਰਵਾਲ
ਅੰਮ੍ਰਿਤਸਰ
ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੱਜ 15ਵੀਂ ਕਨਵੋਕੇਸ਼ਨ ਦੌਰਾਨ ਕਰੀਬ 550 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ‘ਅਧਿਆਪਕ ਸਿਰਫ ਕਿੱਤਾ ਨਹੀਂ, ਸਗੋਂ ਇੱਕ ਜ਼ਜਬਾ ਹੈ। ਉਨ੍ਹਾਂ ਕਿਹਾ ਕਿ ਅਧਿਆਪਨ ਇੱਕ ਪ੍ਰਕਿਰਿਆ ਹੈ, ਵਾਕਿਆ ਨਹੀਂ।
ਇਸ ਤੋਂ ਪਹਿਲਾਂ ਸੱਤਿਆਜੀਤ ਸਿੰਘ ਮਜੀਠੀਆ, ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪਿ੍ੰਸੀਪਲ ਡਾ. ਸੁਰਿੰਦਰ ਕੌਰ ਢਿੱਲੋਂ ਨੇ ਸ਼ਮ੍ਹਾ ਰੌਸ਼ਨ ਕਰ ਕੇ ਡਿਗਰੀ ਵੰਡ ਸਮਾਗਮ ਦਾ ਅਗਾਜ਼ ਕੀਤਾ।
ਸੱਤਿਆਜੀਤ ਸਿੰਘ ਮਜੀਠੀਆ ਨੇ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਗੁਣਵੱਤਾ ਵਾਲੇ ਅਧਿਆਪਕ ਜਲਦ ਨਹੀਂ ਉਤਪਨ ਹੁੰਦੇ, ਸਗੋਂ ਉਹ ਇਕ ਲੰਬੀ ਪ੍ਰੀਕ੍ਰਿਆ ਦੌਰਾਨ ਨਵੀਨਤਮ ਤਕਨਾਲੋਜੀ, ਰਸਮੀ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ, 21ਵੀਂ ਸਦੀ ਦੇ ਹੁਨਰਾਂ ਨੂੰ ਅਪਨਾ ਕੇ ਪੜ੍ਹਾਉਣ ਦੇ ਜਨੂੰਨ ਸਦਕਾ ਤਿਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਤੇਜ਼ੀ ਨਾਲ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਤਬਦੀਲੀਆਂ ਕਾਰਨ ਵੱਧ ਰਹੀਆਂ ਮੰਗਾਂ ਦੇ ਮੱਦੇਨਜ਼ਰ ਇਕ ਅਧਿਆਪਕ ਨੂੰ ਵਿਸ਼ਵ ਭਰ ’ਚ ਹੋ ਰਹੇ ਸੂਚਨਾ ਅਤੇ ਸੰਚਾਰ ਤਕਨਾਲੋਜੀ ’ਚ ਨਿਰੰਤਰ ਤਰੱਕੀ ਦੇ ਨਾਲ ਲਗਾਤਾਰ ਤਾਲਮੇਲ ਰੱਖਣ ਦੀ ਜ਼ਰੂਰਤ ਹੈ।
ਉਨ੍ਹਾਂ ਡਿਗਰੀਆਂ ਨਾਲ ਸਨਮਾਨਿਤ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਲੋੜ ਹੈ ਤਾਂ ਜੋ ਸਾਡੇ ਨੌਜਵਾਨ ਵਿਦੇਸ਼ ਦੌੜਣ ਦੀ ਬਜਾਏ ਸਾਡੇ ਆਪਣੇ ਸਮਾਜ ਦੀ ਸੇਵਾ ਕਰਨ।
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਅਤੇ ਮੰਗਾਂ ਪ੍ਰਤੀ ਸੰਵਦੇਨਸ਼ੀਲ ਹੋ ਕੇ ਟੀਚਾ-ਮੁਖੀ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਸਮਾਜਿਕ ਪਰਿਵਰਤਨ ’ਚ ਅਧਿਆਪਕ ਦਾ ਅਹਿਮ ਰੋਲ ਹੈ ਅਤੇ ਅਧਿਆਪਕ ਸੁਚੱਜੇ ਸਮਾਜ ਦਾ ਸਿਰਜਨਹਾਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Education news