ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਮੂਹਿਕ ਰੂਪ ਵਿੱਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁੱਝ ਬੱਚਿਆਂ ਨੂੰ ਦਸਤਾਰਾਂ ਸਜਾ ਕੇ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ ਬਾਦਸ਼ਾਹਤ ਦੀ ਪ੍ਰਤੀਕ ਹੈ। ਇਸ ਮਹਾਨ ਵਿਰਸੇ ਨਾਲ ਆਪਣੀ ਨਵੀਂ ਪੀੜ੍ਹੀ ਨੂੰ ਜੋੜਨਾ ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਹੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਦਸਤਾਰ ਦੇ ਅਲੋਪ ਹੋਣ ਤੇ ਚਿੰਤਾ ਪ੍ਰਗਟਾਉਦਿਆਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਅਤੇ ਇਥੇ ਦੀਆਂ ਰਵਾਇਤਾਂ ਅਤੇ ਕਦਰਾਂ ਕੀਮਤਾਂ ਮਾਣਮੱਤੀਆਂ ਹਨ। ਉਨ੍ਹਾਂ ਆਖਿਆ ਕੇ ਸਿੱਖ ਬੱਚਿਆ ਦਾ ਸਾਬਤ ਸੂਰਤ ਹੋਣਾ, ਨਸ਼ਿਆਂ ਤੋਂ ਰਹਿਤ ਰਹਿਣਾ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰਸਿੱਖ ਬਣਨਾ ਅਤਿ ਲਾਜ਼ਮੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵਿਰਸੇ ਨੂੰ ਸੰਭਾਲਣ ਤੇ ਇਸ ਬਾਰੇ ਅਗਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਉਚੇਚੇ ਯਤਨਾਂ ਦੀ ਲੋੜ ਹੈ। ਉਨ੍ਹਾਂ ਦਸਤਾਰ ਬੰਦੀ ਸਮਾਗਮ ਦੌਰਾਨ ਸਹਿਯੋਗ ਕਰਨ ਵਾਲੀਆਂ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।