ਬਰਨਾਲਾ- ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਇੱਕ ਹੋਰ ਵੱਡੇ ਪਿੰਡ ਢਿੱਲਵਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਸਥਾਨਕ ਲੋਕ, ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ 1978 ਵਿੱਚ ਬਣੇ 25 ਬਿਸਤਰਿਆਂ ਵਾਲੇ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦਾ ਵਿਰੋਧ ਕੀਤਾ। ਪਿੰਡ ਦੇ ਸਰਪੰਚ ਤੇ ਹੋਰਾਂ ਨੇ ਕਿਹਾ ਕਿ ਰਾਤੋ-ਰਾਤ ਉਨ੍ਹਾਂ ਨੂੰ ਕੋਈ ਜਾਣਕਾਰੀ ਦਿੱਤੇ ਬਿਨਾਂ 'ਆਪ' ਦੇ ਸਥਾਨਕ ਵਿਧਾਇਕ ਲਾਭ ਸਿੰਘ ਉਗੋਕੇ ਨੇ ਇਸ ਮੁਹੱਲੇ ਕਲੀਨਿਕ ਦਾ ਉਦਘਾਟਨ ਕਰ ਦਿੱਤਾ।
ਦੂਜੇ ਪਾਸੇ ਸਥਾਨਕ ਲੋਕਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਐਕਸਰੇ ਮਸ਼ੀਨ ਸਮੇਤ ਹੋਰ ਲੋੜੀਂਦਾ ਸਾਮਾਨ ਇੱਕ ਕਮਰੇ ਵਿੱਚ ਬੰਦ ਪਿਆ ਹੈ ਅਤੇ ਕਰੋੜਾਂ ਰੁਪਏ ਦੀ ਆਧੁਨਿਕ ਮਸ਼ੀਨਰੀ ਖਰਾਬ ਹੋ ਰਹੀ ਹੈ। ਇਸ ਮਾਮਲੇ 'ਤੇ ਰੋਸ ਪ੍ਰਗਟ ਕਰਦਿਆਂ ਸਥਾਨਕ ਵਾਸੀਆਂ ਨੇ ਦੱਸਿਆ ਕਿ ਪਿੰਡ ਢਿੱਲਵਾਂ ਦੀ ਆਬਾਦੀ 15000 ਤੋਂ ਵੱਧ ਹੈ ਅਤੇ ਪਿੰਡ ਵਾਸੀਆਂ ਦੀ ਮੰਗ 'ਤੇ 1978 ਵਿੱਚ 25 ਬਿਸਤਰਿਆਂ ਦਾ ਹਸਪਤਾਲ ਬਣਾਇਆ ਗਿਆ ਸੀ।
ਇਸ ਹਸਪਤਾਲ ਵਿੱਚ ਗਾਇਨੀ ਅਤੇ ਹੋਰ ਡਾਕਟਰ ਅਤੇ ਸਮੂਹ ਸਟਾਫ਼ ਕੰਮ ਕਰ ਰਿਹਾ ਸੀ, ਪਰ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਸਰਕਾਰਾਂ ਹਸਪਤਾਲਾਂ ਨੂੰ ਵੱਡਾ ਬਣਾਉਂਦੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਜੋ ਕਿ ਸਿਹਤ ਸੇਵਾਵਾਂ ਨੂੰ ਲੈ ਕੇ ਗਲਤ ਗੱਲ ਹੈ।
ਉਨ੍ਹਾਂ ਨੇ ਕਿਹਾ ਕਿ ਹਲਕਾ ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤਿਆਂ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਇਸ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਤੋਂ ਬਾਅਦ ਰਾਤੋ-ਰਾਤ ਚਲੇ ਗਏ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਸਰਪੰਚ ਵੱਲੋਂ ਸਥਾਨਕ ਵਿਧਾਇਕ ਨੂੰ ਕਿਹਾ ਗਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹਿਆ ਜਾਣਾ ਹੈ ਤਾਂ ਇਸ ਲਈ ਪੰਚਾਇਤ ਵੱਲੋਂ ਉਸ ਲਈ ਵੱਖਰੀ ਜਗ੍ਹਾ ਦਿੱਤੀ ਜਾਵੇਗੀ ਅਤੇ ਇਸ ਹਸਪਤਾਲ ਨੂੰ ਬੰਦ ਨਾ ਕੀਤਾ ਜਾਵੇ ।
ਉਨ੍ਹਾਂ ਨੇ ਕਿਹਾ ਕਿ ਇਹ ਮੁਹੱਲਾ ਕਲੀਨਿਕ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਦੇਣ ਦੇ ਕੀਤੇ ਜਾ ਰਹੇ ਵਾਅਦਿਆਂ ਦੀ ਹਵਾ ਕੱਢ ਰਹੇ ਹਨ। ਉੱਥੇ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਹਸਪਤਾਲ ਨੂੰ ਮੁੜ ਤੋਂ ਖੋਲ੍ਹ ਕੇ ਡਾਕਟਰਾਂ ਅਤੇ ਹੋਰ ਸਟਾਫ਼ ਦੀ ਨਿਯੁਕਤੀ ਨਾ ਕੀਤੀ ਗਈ ਤਾਂ ਪੰਜਾਬ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।