ਦੇਸ਼ ਭਰ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹੈ। ਬਠਿੰਡਾ ਵਿੱਚ ਇਸ ਪਵਿੱਤਰ ਤਿਉਹਾਰ ਮੌਕੇ ਵੀ ਪੰਜਾਬ ਸਰਕਾਰ ਖ਼ਿਲਾਫ਼ ਹੱਕ ਮੰਗਦੇ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਸਰਕਾਰ 'ਤੇ ਵਾਅਦਾਖ਼ਿਲਾਫ਼ੀ ਦਾ ਇਲਜ਼ਾਮ ਲਾਉਂਦਿਆਂ ਰੋਸ ਮਾਰਚ ਕੀਤਾ ਗਿਆ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਠਿੰਡਾ ਦੇ ਭਾਈ ਘਨ੍ਹੱਈਆ ਚੌਕ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਭਾਰਤ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ । ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਸੰਦੀਪ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨਸਭਾ ਚੋਣਾਂ ਵੇਲੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਨਵੇਂ ਪੇਅ ਸਕੇਲ ਮੁਤਾਬਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਣਦਾ ਹੱਕ ਦੇਣ ਦਾ ਵਾਅਦਾ ਕਰਕੇ ਵੋਟਾਂ ਲਈਆਂ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ। ਪਰ ਹੁਣ ਸੂਬਾ ਸਰਕਾਰ ਵੱਲੋਂ ਰਾਵਣ ਰੂਪੀ ਰੂਪ ਅਖ਼ਤਿਆਰ ਕਰ ਕੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਹੁਣ ਪੰਜਾਬ ਸਰਕਾਰ ਦੀ ਠੇਕਾ ਮੁਲਾਜ਼ਮਾਂ ਪ੍ਰਤੀ ਦੋਗਲੀ ਨੀਤੀ ਸਾਹਮਣੇ ਆਉਂਦੀ ਹੋਈ ਨਜ਼ਰ ਆ ਰਹੀ ਹੈ, ਜਿਸ ਦਾ ਉਹ ਡਟ ਕੇ ਵਿਰੋਧ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਖਾਲੀ ਅਸਾਮੀਆਂ ਭਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ । ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਅਤੇ ਬਿਜਲੀ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸਮਾਂ ਦੇ ਕੇ ਮਸਲੇ ਹੱਲ ਕੀਤੇ ਜਾਣ । ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਨਹੀਂ ਤਾਂ ਆਉਂਣ ਸਮੇਂ ਵਿੱਚ ਉਹ ਤਿੱਖਾ ਸੰਘਰਸ਼ ਕਰਨ ਦੇ ਲਈ ਮਜਬੂਰ ਹੋ ਜਾਣਗੇ । ਉਨ੍ਹਾਂ ਕਿਹਾ ਕਿ ਅੱਜ ਦੁਸ਼ਹਿਰੇ ਦਾ ਤਿਉਹਾਰ ਵੀ ਉਹ ਰੋਸ ਵਜੋਂ ਮਨਾਉਣ ਲਈ ਮਜਬੂਰ ਹਨ ਅਤੇ ਉਹ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋ ਰਹੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, BJP, Contract, Employees, Indian government, Protest