ਚੰਡੀਗੜ੍ਹ: ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ 40 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ
ਕੈਬਨਿਟ ਮੰਤਰੀ ਨੇ 21 ਨਵੰਬਰ ਨੂੰ ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਅਤੇ ਝੀਂਗਾ ਪਾਲਣ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਦੇ ਹੋਰ ਪਸਾਰ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ, ਜਿਸ ਵਿੱਚੋਂ 1,89,647 ਟਨ ਮੱਛੀ ਦਾ ਉਤਪਾਦਨ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਅਤੇ ਜ਼ੀਰੋ ਆਮਦਨ ਵਾਲੇ ਖੇਤਰਾਂ ਵਿੱਚ ਝੀਂਗਾ ਦੀ ਖੇਤੀ ਕੀਤੀ ਜਾ ਰਹੀ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕੁੱਲ 1200 ਏਕੜ ਰਕਬੇ ਵਿੱਚ ਝੀਂਗਾ ਦੀ ਖੇਤੀ ਕੀਤੀ ਜਾ ਰਹੀ ਹੈ।
ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ ਮਿਆਰੀ ਮੱਛੀ ਬੀਜ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ 15 ਸਰਕਾਰੀ ਮੱਛੀ ਬੀਜ ਫਾਰਮ ਕੰਮ ਕਰ ਰਹੇ ਹਨ, ਜਦਕਿ ਪਿੰਡ ਕਿੱਲਿਆਂਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਇੱਕ ਹੋਰ ਨਵਾਂ ਸਰਕਾਰੀ ਮੱਛੀ ਬੀਜ ਫਾਰਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਦੇ ਸਾਫ਼ ਸੁਥਰੇ ਮੰਡੀਕਰਨ ਲਈ ਲੁਧਿਆਣਾ ਵਿੱਚ ਇੱਕ ਥੋਕ-ਕਮ-ਪ੍ਰਚੂਨ ਸਰਕਾਰੀ ਮੱਛੀ ਮੰਡੀ ਚੱਲ ਰਹੀ ਹੈ ਅਤੇ ਪਟਿਆਲਾ ਵਿੱਚ ਇੱਕ ਹੋਰ ਨਵੀਂ ਮੱਛੀ ਮੰਡੀ ਦਾ ਨਿਰਮਾਣ ਚੱਲ ਰਿਹਾ ਹੈ, ਜੋ ਜਲਦੀ ਹੀ ਸ਼ੁਰੂ ਹੋ ਜਾਵੇਗਾ।
40 ਫੀਸਦੀ ਸਬਸਿਡੀ
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਰਕਮ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਮੱਛੀ/ਪ੍ਰੌਨ ਕਲਚਰ ਲਈ ਨਵੇਂ ਤਲਾਬ ਤਿਆਰ ਕਰਨ, ਆਰ.ਏ.ਐਸ. ਅਤੇ ਬਾਇਫਲੋਕ ਪ੍ਰਣਾਲੀਆਂ ਦੀ ਸਥਾਪਨਾ, ਮੱਛੀ ਫੀਡ ਮਿੱਲਾਂ ਦੀ ਸਥਾਪਨਾ ਲਈ ਮੁਹੱਈਆ ਕਰਵਾਈ ਗਈ ਹੈ। ਮੱਛੀ ਟਰਾਂਸਪੋਰਟ ਵਾਹਨ ਆਦਿ ਦੀ ਖਰੀਦ 'ਤੇ ਲਾਗਤ 'ਤੇ 40 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ-ਆਪਣੇ ਜ਼ਿਲ੍ਹੇ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਪਲਾਈ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Business, Business ideas, Career, Fishermen