ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਕਾਮੇ ਮਸਤਾਨ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ

News18 Punjabi | News18 Punjab
Updated: August 16, 2020, 4:43 PM IST
share image
ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਕਾਮੇ ਮਸਤਾਨ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ
ਪੁਰਾਣੀ ਫੋਟੋ

  • Share this:
  • Facebook share img
  • Twitter share img
  • Linkedin share img
ਅਮਿਤ ਸ਼ਰਮਾ

 ਅੰਮ੍ਰਿਤਸਰ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ. ਮਲੋਦ ਦੇ ਸਿਹਤ ਕਾਮੇ ਸ. ਮਸਤਾਨ ਸਿੰਘ ਦੀ ਸਥਾਨਕ ਇੱਕ ਡੇਰੇ ਵਿਚ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ ਹੈ। ਇਸ ਘਟਨਾਂ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਕੁਝ ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ, ਪਰੰਤੂ ਅਜੇ ਵੀ ਕਈ ਲੋਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਹਰ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਬਣਦੀਆਂ ਧਰਾਵਾਂ ਤਹਿਤ ਕਾਰਵਾਈ ਹੋਵੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਕੋਵਿਡ-19 ਦੌਰਾਨ ਮੋਹਰਲੀ ਕਤਾਰ ਵਿਚ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨਾਲ ਅਜਿਹਾ ਦੁਰਵਿਹਾਰ ਅਨੈਤਿਕ ਹੋਣ ਦੇ ਨਾਲ-ਨਾਲ ਪ੍ਰਸਾਸ਼ਨ ਲਈ ਵੀ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਦੌਰਾਨ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਸੇਵਾ ਨਿਭਾ ਰਹੇ ਹਨ, ਪਰੰਤੂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਮਨੋਬਲ ਕਾਇਮ ਨਹੀਂ ਰਹਿ ਸਕੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਹੈਲਥ ਵਰਕਰ ਸ. ਮਸਤਾਨ ਸਿੰਘ ਨਾਲ ਬਦਸਲੂਕੀ ਕਰਨ ਵਾਲੇ ਲੋਕਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।  ਉਨ੍ਹਾਂ ਕਿਹਾ ਕਿ ਦੋਸ਼ੀ ਕਿਸੇ ਵੀ ਤਰ੍ਹਾਂ ਬਖਸ਼ੇ ਨਹੀਂ ਜਾਣੇ ਚਾਹੀਦੇ ਅਤੇ ਪੀੜਤ ਨੂੰ ਮੁਕੰਮਲ ਨਿਆਂ ਮਿਲਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਾਣਿਆ ਪੀੜਤ ਦਾ ਹਾਲ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਡੇਹਲੋਂ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ ਸਿਹਤ ਕਾਮੇ ਸ. ਮਸਤਾਨ ਸਿੰਘ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਹਰਪਾਲ ਸਿੰਘ ਜੱਲ੍ਹਾ ਤੇ ਭਾਈ ਚਰਨ ਸਿੰਘ ਆਲਮਗੀਰ ਸ਼ਾਮਲ ਸਨ। ਭਾਈ ਗਰੇਵਾਲ ਨੇ ਦੱਸਿਆ ਕਿ ਹੈਲਥ ਵਰਕਰ ਸ. ਮਸਤਾਨ ਸਿੰਘ ਭਾਰੀ ਸਦਮੇ ਵਿਚ ਹਨ ਅਤੇ ਉਸ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਸਿੱਖ ਨੂੰ ਜਿਸ ਤਰ੍ਹਾਂ ਦੀ ਵੀ ਮੱਦਦ ਦੀ ਲੋੜ ਹੋਵੇਗੀ, ਸ਼੍ਰੋਮਣੀ ਕਮੇਟੀ ਨਾਲ ਖੜੇਗੀ। ਉਨ੍ਹਾਂ ਕਿਹਾ ਕਿ ਸਿੱਖ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਅਤੇ ਪੀੜਤ ਨੂੰ ਇਨਸਾਫ਼ ਲਈ ਕੋਈ ਕਸਰ ਨਹੀਂ ਛੱਡੇਗੀ।
Published by: Gurwinder Singh
First published: August 16, 2020, 4:43 PM IST
ਹੋਰ ਪੜ੍ਹੋ
ਅਗਲੀ ਖ਼ਬਰ