ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਮੰਤਰੀਆਂ ਦੀ ਜ਼ਿਲ੍ਹਾਵਾਰ ਡਿਊਟੀਆਂ ਲਗਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਰੋਨਾ ਮਰੀਜ਼ਾਂ ਨੂੰ ਦਵਾਈਆਂ ਤੇ ਆਕਸੀਜ਼ਨ ਦੇ ਨਾਲ ਮਿਆਰੀ ਸਿਹਤ ਸੰਭਾਲ ਸਹੂਲਤਾਂ ਮਿਲ ਸਕਣ, ਬਾਦਲ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਆਕਸੀਜ਼ਨ ਕੰਸੈਂਟ੍ਰੇਟਰਾਂ ਨਾਲ ਲੈਸ 25 ਬੈਡਾਂ ਵਾਲੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਪਹੁੰਚੇ ਸਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਵੱਲੋਂ ਸੂਬੇ ਵਿਚ ਖੋਲਿ੍ਹਆ ਗਿਆ ਇਹ ਪੰਜਵਾਂ ਕੋਰੋਨਾ ਕੇਅਰ ਸੈਂਟਰ ਹੈ ਅਤੇ ਆਉਂਦੇ ਦਿਨਾਂ ਵਿਚ ਹੋਰ ਅਜਿਹੇ ਸੈਂਟਰ ਖੋਲ੍ਹੇ ਜਾਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਇਸ ਮੁਸ਼ਕਿਲ ਦੀ ਗੰਭੀਰਤਾ ਪ੍ਰਤੀ ਹਾਲ ਹੀ ਵਿਚ ਜਾਗੀ ਹੈ ਤੇ ਇਸਨੇ ਇਸ ਨਾਲ ਨਜਿੱਠਣ ਲਈ ਕੁਝ ਕਦਮਾਂ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਦਾ ਸਵਾਗਤ ਹੈ ਕਿ ਉਸਨੇ ਵੈਕਸੀਨ ਖਰੀਦਣ ਲਈ ਅਕਾਲੀ ਦਲ ਵੱਲੋਂ ਦਿੱਤੇ ਸੁਝਾਅ ਨੂੰ ਮੰਨਿਆ ਤੇ ਹੁਣ ਇਸ ਵਾਸਤੇ ਗਲੋਬਲ ਟੈਂਡਰ ਲਗਾਏ ਜਾ ਰਹੇ ਹਨ।
ਬਾਦਲ ਨੇ ਮੁੱਖ ਮੰਤਰੀ ਨੂੰ ਅਕਾਲੀ ਦਲ ਦੇ ਇਸ ਸੁਝਾਅ ’ਤੇ ਵੀ ਕੋਈ ਕਾਰਵਾਈ ਲਈ ਕਿਹਾ ਕਿ ਸੂਬੇ ਦੇ ਸਾਰੇ 220 ਬਲਾਕਾਂ ਵਿਚ ਕੋਰੋਨਾ ਕੇਅਰ ਸੈਂਟਰ ਖੋਲ੍ਹੇ ਜਾਣ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਥੋੜ੍ਹੇ ਜਿਹੇ ਸਮੇਂ ਵਿਚ 11 ਕੋਰੋਨਾ ਸੈਂਟਰ ਖੋਲ੍ਹ ਸਕਦੀ ਹੈ ਤਾਂ ਫਿਰ ਸਰਕਾਰ ਤਾਂ ਪਿੰਡਾਂ ਵਿਚ ਐਮਰਜੰਸੀ ਮੈਡੀਕਲ ਸਹੂਲਤਾਂ ਵਾਸਤੇ ਸਾਰੇ ਬਲਾਕਾਂ ਵਿਚ ਕੋਰੋਨਾ ਸੈਂਟਰ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ ਕਿਉਂਕਿ ਪਿੰਡਾਂ ਵਿਚ ਕੋਰੋਨਾ ਕੇਸਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਇਮਾਰਤਾਂ ਤੇ ਇੰਡੋਰ ਸਟੇਡੀਅਮ ਇਸ ਮੰਤਵ ਵਾਸਤੇ ਵਰਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਲਗਾਤਾਰ ਵੱਧ ਰਹੇ ਬਲੈਕ ਫੰਗਸ ਦੇ ਕੇਸਾਂ ਨਾਲ ਨਜਿੱਠਣ ਵਾਸਤੇ ਵਿਸ਼ੇਸ਼ ਟੀਮਾਂ ਵੀ ਬਣਾਉਣੀਆਂ ਚਾਹੀਦੀਆਂ ਹਨ ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਦਵਾੲਂਆਂ ਸਾਰੇ ਸੂਬੇ ਵਿਚ ਉਪਲਬਧ ਹੋਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ 50 ਹਜ਼ਾਰ ਵੈਕਸੀਨ ਡੋਜ਼ ਖਰੀਦਣ ਦੀ ਤਿਆਰੀ ਵਿਚ ਹੈ ਤੇ ਇਹ ਆਉਂਦੇ ਦਿਨਾਂ ਵਿਚ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕਰੇਗੀ। ਉਹਨਾਂ ਕਿਹਾ ਕਿ ਸਰਕਾਰ ਨੂੰ ਵੀ ਵੈਕਸੀਨ ਉਤਪਾਦਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਸੂਬੇ ਵਿਚ ਵੈਕਸੀਨ ਦੀ ਲੋੜ ਨੁੰ ਪੂਰਾ ਕਰਨ ਵਾਸਤੇ ਸਿੱਧਾ ਖਰੀਦ ਆਰਡਰ ਦੇਣੇ ਚਾਹੀਦੇ ਹਨ। ਉਹਨਾਂ ਨੇ ਜ਼ਿਆਦਾ ਸਰਗਰਮ ਲੋਕ ਪੱਖੀ ਵਾਰ ਰੂਮ ਬਣਾਉਣ ਬਣਾਉਣ ਦਾ ਵੀ ਸੁਝਾਅ ਦਿੱਤਾ ਜੋ ਕਿ ਕੋਰੋਨਾ ਮਹਾਮਾਰੀ ਦੌਰਾਨ ਸਪਲਾਈ ਚੁਣੌਤੀਆਂ ਨਾਲ ਨਜਿੱਠ ਸਕਦਾ ਹੋਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona vaccine, SGPC, Sukhbir Badal