ਫਰੀਦਕੋਟ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉੱਤੇ ਪੂਰੇ ਪੰਜਾਬ ਅੰਦਰ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਜਾਮ ਕੀਤੀਆਂ। ਫਰੀਦਕੋਟ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਫਰੀਦਕੋਟ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਵੱਲੋਂ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕੀਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਟਰੇਨਾਂ ਰੋਕਣ ਸਬੰਧੀ ਮੁੱਖ ਮੁੱਦਾ ਪੰਜਾਬ ਦੇ ਪਾਣੀਆਂ ਉੱਤੇ ਕੇਂਦਰ ਸਰਕਾਰ ਦੀ ਸ਼ਹਿ ਉੱਤੇ ਦਿੱਲੀ ਅਤੇ ਗੁਆਂਢੀ ਰਾਜਾਂ ਵੱਲੋਂ ਅੱਖ ਰੱਖੀ ਹੋਈ ਹੈ, ਜੋ ਕਿ ਕਾਫੀ ਗੰਭੀਰ ਅਤੇ ਪੁਰਾਣਾ ਮੁੱਦਾ ਹੈ,ਜਦੋਂ ਕਿ ਸੰਵਿਧਾਨ ਅਨੁਸਾਰ ਪਾਣੀਆਂ ਦਾ ਮਸਲਾ ਕੇਵਲ ਰਾਜਾਂ ਦਾ ਮਸਲਾ ਹੈ, ਜਿਸ ਵਿੱਚ ਕੇਂਦਰ ਕਿਸੇ ਤਰ੍ਹਾਂ ਦੀ ਦਖਲ ਅੰਦਾਜੀ ਨਹੀਂ ਕਰ ਸਕਦਾ। ਪੰਜਾਬ ਦੇ ਪਾਣੀਆਂ ਉੱਤੇ ਕੇਵਲ ਪੰਜਾਬ ਦਾ ਹੀ ਹੱਕ ਹੈ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਘੱਟ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਖਿਆ ਕੇ ਪੰਜਾਬ ਦੇ ਬੰਦੀ ਸਿੰਘ, ਜਿਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋਈਆਂ ਨੂੰ ਕਾਫੀ ਸਮਾਂ ਲੰਘ ਚੁੱਕਾ ਹੈ, ਪ੍ਰੰਤੂ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ, ਜਦੋਂ ਕਿ ਬਲਾਤਕਾਰੀ ਰਾਮ ਰਹੀਮ ਨੂੰ ਸਰਕਾਰਾਂ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ।
ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਜੋ ਲਾਪਤਾ ਹੋ ਚੁੱਕੇ ਸਨ, ਸਬੰਧੀ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ, ਇਸ ਸਬੰਧੀ ਜਲਦੀ ਘੋਖ ਕੀਤੀ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਅਤੇ ਪੰਜਾਬ ਨੂੰ ਮੁੜ ਮਾੜੇ ਹਾਲਾਤਾਂ ਵੱਲ ਧੱਕਣਾ ਚਾਹੁੰਦੀ ਹੈ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਪਾਣੀਆਂ ਸਬੰਧੀ ਪੰਜਾਬ ਨਾਲ ਧੱਕਾ ਕੀਤਾ ਗਿਆ ਤਾਂ ਸਾਡੀ ਸੰਘਰਸ਼ ਕਮੇਟੀ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Farmers Protest, Punjab