ਜਤਿਨ ਸ਼ਰਮਾ
ਗੁਰਦਾਸਪੁਰ: ਕੈਬਨਿਟ ਮੰਤਰੀ (Cabinet Minister) ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ (Gurdaspur) ਦੇ ਸਰਹੱਦੀ ਖੇਤਰਾਂ (Border Area) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Maan) ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਕੇ ਮਾਨ ਸਰਕਾਰ ਨੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾ ਰਿਹਾ ਹੈ, ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 33 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਗਲੇ ਮਹੀਨੇ 26 ਜਨਵਰੀ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰਾਂ ਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਹੇਠਲੇ ਪੱਧਰ 'ਤੇ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Lal Chand Kataruchak, Punjab