ਜਤਿਨ ਸ਼ਰਮਾ
ਗੁਰਦਾਸਪੁਰ: Congrol room number for Jhona Complain Gurdaspur Kisan: ਜੇਕਰ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਮੰਡੀਆਂ ਵਿੱਚ ਸਥਾਪਤ ਕਿਸਾਨ ਸੇਵਾ ਕੇਂਦਰਾਂ ਜਾਂ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੰਟਰੋਲ ਰੂਮ ਨਾਲ ਸੰਪਰਕ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਡੀ.ਐਫ.ਐਸ.ਸੀ. ਦਫ਼ਤਰ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01874-247193 ਹੈ।
ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ ਖਰੀਦ ਸੀਜ਼ਨ ਦੌਰਾਨ ਰੋਜ਼ਾਨਾ ਸਵੇਰੇ 7:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦਾ ਹੈ ਅਤੇ ਕਿਸਾਨ ਖਰੀਦ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਕਿਸੇ ਵੀ ਸਮੱਸਿਆ/ਸ਼ਿਕਾਇਤ ਦੇ ਹੱਲ ਲਈ ਇੱਥੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਉਹ ਰੋਜ਼ਾਨਾ ਸਵੇਰੇ 9:30 ਵਜੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਦੇ ਹਨ ਅਤੇ ਕਿਸਾਨ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਜ਼ਿਲ੍ਹੇ ਦੀਆਂ 10 ਵੱਡੀਆਂ ਮੰਡੀਆਂ ਬਟਾਲਾ, ਗੁਰਦਾਸਪੁਰ, ਕਲਾਨੌਰ, ਦੀਨਾਨਗਰ, ਡੇਰਾ ਬਾਬਾ ਨਾਨਕ, ਕਾਦੀਆਂ, ਫ਼ਤਹਿਗੜ ਚੂੜੀਆਂ, ਕਾਹਨੂੰਵਾਨ, ਸ੍ਰੀ ਹਰਗੋਬਿੰਪੁਰ ਸਾਹਿਬ ਅਤੇ ਧਾਰੀਵਾਲ ਵਿੱਚ ਕਿਸਾਨ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨ ਸੇਵਾ ਕੇਂਦਰਾਂ 'ਤੇ ਕਿਸਾਨ ਝੋਨੇ ਵਿੱਚ ਨਮੀ ਦੀ ਮਾਤਰਾ, ਫਾਰਮ ਨਾ ਮਿਲਣਾ, ਘੱਟ ਵਜ਼ਨ ਅਤੇ ਬੋਲੀ ਨਾ ਲੱਗਣ ਬਾਰੇ ਆਪਣੀਆਂ ਸਮੱਸਿਆਵਾਂ/ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਸੇਵਾ ਕੇਂਦਰ ਵਿਖੇ ਤਾਇਨਾਤ ਕਰਮਚਾਰੀ ਕਿਸਾਨਾਂ ਦੀ ਸ਼ਿਕਾਇਤ ਤੁਰੰਤ ਗੂਗਲ ਸ਼ੀਟ 'ਤੇ ਅਪਲੋਡ ਕਰਦੇ ਹਨ ਅਤੇ ਸਬੰਧਤ ਅਧਿਕਾਰੀ ਦੋ ਘੰਟੇ ਦੇ ਅੰਦਰ-ਅੰਦਰ ਉਸ ਸ਼ਿਕਾਇਤ 'ਤੇ ਕਾਰਵਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 10 ਵੱਡੀਆਂ ਮੰਡੀਆਂ ਤੋਂ ਇਲਾਵਾ ਹੋਰ ਮੰਡੀਆਂ ਵਿੱਚ ਵੀ ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਝੋਨੇ ਦੇ ਖਰੀਦ ਪ੍ਰਬੰਧਾਂ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Gurdaspur, Kisan, Punjab government