ਜਤਿਨ ਸ਼ਰਮਾ
ਗੁਰਦਾਸਪੁਰ: ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਦੀਆਂ ਨਵੀਨਤਮ ਕਾਸ਼ਤਕਾਰੀ ਤਕਨੀਕਾਂ ਅਤੇ ਗੰਨੇ ਦੀ ਫਸਲ ਹੇਠ ਰਕਬਾ ਵਧਾਉਣ ਨੂੰ ਉਤਸ਼ਾਹਿਤ ਕਰਨ ਲਈ ਗੰਨਾ ਸ਼ਾਖਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਲਾਕ ਕਾਦੀਆਂ ਦੇ ਪਿੰਡ ਲੀਲਕਲਾਂ ਵਿੱਚ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਐਗਰੀਕਲਚਰ ਟੈਕਨਾਲੋਜੀ ਪ੍ਰਬੰਧਨ ਏਜੰਸੀ (ਆਤਮਾ) ਤਹਿਤ ਲਗਾਏ ਗਏ ਇਸ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਕੀਤੀ।
ਇਸ ਮੌਕੇ ਡਾ. ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਦਿਲਰਾਜ ਸਿੰਘ, ਡਾ. ਮਿੱਤਰਮਾਨ ਸਿੰਘ ਖੇਤੀਬਾੜੀ ਵਿਕਾਸ ਅਫਸਰ (ਗੰਨਾ), ਸ੍ਰੀ ਕੁਲਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਮਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਲਵਲੀ ਮਾਸਟਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਅਮਰੀਕ ਸਿੰਘ ਨੇ ਕਿਹਾ ਕਿ ਮੌਸਮ ਦੇ ਬਦਲ ਰਹੇ ਮਿਜਾਜ ਨੂੰ ਮੱਦੇਨਜ਼ਰ ਰੱਖਦਿਆਂ ਹਾੜ੍ਹੀ ਦੀਆਂ ਫਸਲਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰੋਂ ਦੀ ਕਟਾਈ ਫਿਲਹਾਲ ਰੋਕ ਦੇਣੀ ਚਾਹੀਦੀ ਹੈ ਅਤੇ ਕਣਕ ਦੀ ਫਸਲ ਵਿਚ ਜੇਕਰ ਬਰਸਾਤ ਦਾ ਪਾਣੀ ਇਕੱਠਾ ਹੋ ਜਾਂਦਾ ਹੈ ਤਾਂ ਵਾਧੂ ਪਾਣੀ ਨੂੰ ਤੁਰੰਤ ਪ੍ਰਭਾਵ ਤੋਂ ਬਾਹਰ ਕੱਢ ਦੇਣਾ ਚਾਹੀਦਾ ਤਾਂ ਕਣਕ ਦੀ ਫਸਲ ਨੂੰ ਨੁਕਸਾਨ ਨਾਂ ਹੋਵੇ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਧਾਉਣ ਲਈ ਜ਼ਰੂਰੀ ਹੈ ਕਿ ਗੰਨੇ ਦੀ ਫਸਲ ਤੋਂ ਖੇਤੀ ਲਾਗਤ ਖਰਚੇ ਘਟਾ ਕੇ ਵਧੇਰੇ ਪੈਦਾਵਾਰ ਲੈਣ ਲਈ ਨਵੀਨਤਮ ਕਾਸਤਕਾਰੀ ਤਕਨੀਕਾਂ ਅਪਨਾਈਆਂ ਜਾਣ।
ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਗੰਨੇ ਦੇ ਬੀਜ ਵਾਲੀ ਫਸਲ ਵੱਖਰੇ ਖੇਤ ਵਿੱਚ ਬੀਜਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਸਮੇਂ ਅੱਗ ਲੱਗਣ ਦੀਆਂ ਦੁਰਘਟਨਾਵਾਂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਰਹਿੰਦੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਕਸਵਾ ਲੈਣਾ ਚਾਹੀਦਾ।
ਡਾ. ਦਿਲਰਾਜ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧਿ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਕਿਸ਼ਤ ਰੁਕੀ ਹੈ,ਉਨ੍ਹਾਂ ਨੂੰ ਈ, ਕੇ ਵਾਈ ਸੀ ਕਰਵਾ ਲੈਣੀ ਚਾਹੀਦੀ ਹੈ। ਕੁਲਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਹਰੇਕ ਦੋ ਪਿਡਾਂ ਪਿੱਛੇ ਕਿਸਾਨ ਮਿੱਤਰ ਨਿਯੁਕਤ ਕੀਤੇ ਜਾ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Gurdaspur, Wheat crop