ਜਤਿਨ ਸ਼ਰਮਾ
ਗੁਰਦਾਸਪੁਰ: ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ (Gurdaspur) ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਤਹਿਤ ਸਮਾਜ ਨੂੰ ਜਾਗਰੂਕ ਕਰਨ ਇੱਕ ਵਾਰ ਫਿਰ ਤੋਂ ਹੰਭਲਾ ਮਾਰਿਆ ਜਾਵੇਗਾ। ਇਸ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸੈਲਫੀ ਵਿਦ ਡਾੱਟਰ’ (Selfie With Daughter) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹਾ ਵਾਸੀ ਆਪਣੀਆਂ ਧੀਆਂ ਨਾਲ ਸੈਲਫੀ ਸੋਸਲ ਮੀਡੀਆ 'ਤੇ ਪਾਉਣਗੇ। ‘ਸੈਲਫੀ ਵਿਦ ਡਾੱਟਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਵੀ ਆਪਣੀਆਂ ਧੀਆਂ ਨਾਲ ਸੈਲਫੀ ਸੋਸਲ ਮੀਡੀਆ 'ਤੇ ਪੋਸਟ ਕਰਨਗੇ।
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਧੀਆਂ ਨੂੰ ਅੱਗੇ ਵੱਧਣ ਲਈ ਸਾਜ਼ਗਾਰ ਮਾਹੌਲ ਸਿਰਜਿਆ ਜਾਵੇ ਅਤੇ ਧੀਆਂ ਨੂੰ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੀਆਂ ਧੀਆਂ ਉੱਪਰ ਮਾਣ ਹੁੰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੀਆਂ ਪੱਖੀ ਮਾਹੌਲ ਸਿਰਜਣ ਲਈ ‘ਸੈਲਫੀ ਵਿਦ ਡਾੱਟਰ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਆਪਣੇ ਨਾਲ ਆਪਣੀ ਧੀ ਦੀ ਸੈਲਫੀ ਪੋਸਟ ਕਰਨ ਸਮੇਂ ਹੈਸ਼ਟੇਗ #betibachaobetipadaogurdaspur ਦੀ ਵਰਤੋਂ ਕਰਨ। ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਵੀ ਆਪਣੀਆਂ ਧੀਆਂ ਨਾਲ ਸੈਲਫੀ ਪੋਸਟ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਖਬਾਰਾਂ ਵਿੱਚ ਵੀ ‘ਸੈਲਫੀ ਵਿਦ ਡਾੱਟਰ’ ਸ਼ੁਰੂ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਦੀ ਕਾਮਯਾਬੀ ਨੂੰ ਸਮਾਜ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਔਰਤਾਂ ਦੀ ਸੂਚੀ ਵੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਸੈਮੀਨਾਰ ਅਤੇ ਵਿਚਾਰ ਗੋਸ਼ਟੀਆਂ ਕਰਵਾਈਆਂ ਜਾਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।