ਚੀਨ ਦੇ ਸ਼ੰਘਾਈ ਵਿੱਚ ਜ਼ੀਰੋ ਕੋਵਿਡ ਨੀਤੀ ਦੇ ਖਿਲਾਫ ਸਥਾਨਕ ਲੋਕਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੀ ਰਿਪੋਰਟਿੰਗ ਕਰਨ ਵਾਲੇ ਇੱਕ ਬੀਬੀਸੀ ਪੱਤਰਕਾਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਿਸ ਨੂੰ ਲੈ ਕੇ ਬੀਬੀਸੀ ਨੇ ਆਪਣੇ ਪੱਤਰਕਾਰ ਦੀ ਇਸ ਤਰ੍ਹਾਂ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬੀਬੀਸੀ ਨੇ ਚੀਨ ਦੇ ਅਧਿਕਾਰੀਆਂ ਵੱਲੋਂ ਪੱਤਰਕਾਰ ਨਾਲ ਕੀਤੇ ਗਏ ਬਦਸਲੂਕੀ 'ਤੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਬੀਬੀਸੀ ਦਾ ਕਹਿਣਾ ਹੈ ਕਿ ਉਸ ਦੇ ਪੱਤਰਕਾਰ ਨੂੰ ਪ੍ਰਸ਼ਾਸਨ ਨੇ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਸ਼ੰਘਾਈ ਵਿੱਚ ਪ੍ਰਦਰਸ਼ਨਾਂ ਦੇ ਬਾਰੇ ਰਿਪੋਰਟ ਤਿਆਰ ਕਰ ਰਿਹਾ ਸੀ। ਬੀਬੀਸੀ ਦੇ ਮੁਤਾਬਕ ਪੁਲਿਸ ਨੇ ਪੱਤਰਕਾਰ ਨੂੰ ਹੱਥਕੜੀ ਲਗਾ ਕੇ ਉਸ ਦੇ ਨਾਲ ਕੁੱਟਮਾਰ ਵੀ ਕੀਤੀ।
ਬ੍ਰਿਟੇਨ ਦੇ ਮੰਤਰੀ ਗ੍ਰਾਂਟ ਸ਼ੈਪ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਹੈ। ਇਸ ਨੂੰ ਲੈ ਕੇ ਚੀਨ ਦਾ ਕੋਈ ਬਹਾਨਾ ਸਵੀਕਾਰ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਚੀਨ ਦੀ ਮੁਆਫੀ ਪ੍ਰਵਾਨ ਕੀਤੀ ਜਾਵੇਗੀ। ਹਾਲਾਂਕਿ ਇਸ ਮਾਮਲੇ 'ਚ ਟਿੱਪਣੀ ਕਰਦੇ ਹੋਏ ਚੀਨ ਨੇ ਕਿਹਾ ਕਿ ਪੱਤਰਕਾਰ ਨੇ ਆਪਣੀ ਪਛਾਣ ਨਹੀਂ ਦੱਸੀ ਸੀ। ਇਸ ਕਾਰਨ ਇਹ ਸਭ ਹੋਇਆ।
ਉੱਧਰ ਬੀਬੀਸੀ ਨੇ ਇਸ ਘਟਨਾ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ ਅਤੇ ਇਸ ਪੂਰੇ ਮਾਮਲੇ 'ਤੇ ਚਿੰਤਾ ਜ਼ਾਹਰ ਕੀਤੀ ਹੈ। ਬੀਬੀਸੀ ਦਾ ਇਲਜ਼ਾਮ ਹੈ ਕਿ ਉਸ ਦੇ ਪੱਤਰਕਾਰ ਐਡ ਲਾਰੈਂਸ ਨੂੰ ਰਿਪੋਰਟ ਕਰਨ ਤੋਂ ਰੋਕਣ ਲਈ ਪਹਿਲਾਂ ਲੱਤ ਮਾਰੀ ਗਈ ਅਤੇ ਫਿਰ ਉਸ ਦੇ ਨਾਲ ਕੁੱਟਮਾਰ ਕੀਤੀ ਗਈ ।ਜਿਸ ਤੋਂ ਬਾਅਦ ਪੁਲਿਸ ਨੇ ਬੀਬੀਸੀ ਦੇ ਪੱਤਰਕਾਰ ਨੂੰ ਗ੍ਰਿਫਤਾਰ ਕਰ ਲਿਆ ।
ਅੰਤਰਰਾਸ਼ਟਰੀ ਮੀਡੀਆ ਦੇ ਵਿੱਚ ਆ ਰਹੀਆਂ ਖਬਰਾਂ ਵਿੱਚ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਚੀਨ ਦੇ ਕਈ ਸ਼ਹਿਰਾਂ ਵਿੱਚ ਸਰਕਾਰ ਦੀ ਜ਼ੀਰੋ-ਕੋਵਿਡ ਨੀਤੀ ਦੇ ਖਿਲਾਫ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਨ੍ਹਾਂ ਸਭ 'ਚ ਰਾਸ਼ਟਰਪਤੀ ਸ਼ੀ ਚਿਨਫਿੰਗ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Britain, China, Covid, COVID-19, Journalist