HOME » NEWS » World

ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਸੰਮੇਲਨ ਵਿਚ ਕੀਤਾ ਸਿੱਖ ਭਾਈਚਾਰੇ ਦਾ ਜ਼ਿਕਰ

News18 Punjab
Updated: February 11, 2019, 2:07 PM IST
ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਸੰਮੇਲਨ ਵਿਚ ਕੀਤਾ ਸਿੱਖ ਭਾਈਚਾਰੇ ਦਾ ਜ਼ਿਕਰ

  • Share this:
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਵਿਚ ਇਕ ਸੰਬੋਧਨ ਦੌਰਾਨ ਸਿੱਖ ਭਾਈਚਾਰੇ ਦਾ ਜ਼ਿਕਰ ਕੀਤਾ। ਖਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਮੱਕਾ ਤੇ ਮਦੀਨਾ ਹਨ ਅਤੇ ਇਨ੍ਹਾਂ ਥਾਵਾਂ ਨੂੰ ਘੱਟ ਗਿਣਤੀਆਂ ਲਈ ਖੋਲ੍ਹਿਆ ਜਾ ਰਿਹਾ ਹੈ। ਖਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕੀਤਾ ਤੇ ਆਖਿਆ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਲੈ ਕੇ ਭਾਰਤੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ ਡੇਰਾ ਬਾਬਾ ਨਾਨਕ ਦੇ ਗੁਰਦੁਆਰੇ ਤੱਕ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਜੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਮਿਲ ਸਕੇ। ਉਹ ਯੂਏਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਦੇ ਸੱਦੇ ’ਤੇ ਵਿਸ਼ਵ ਸਰਕਾਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਯੂਏਈ ਦੇ ਦੋ ਦਿਨਾਂ ਦੌਰੇ ’ਤੇ ਹਨ।

ਸ੍ਰੀ ਖਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਜ਼ਾ ਵਿਵਸਥਾ ਖੋਲ੍ਹ ਦਿੱਤੀ ਹੈ। ਪਹਿਲੀ ਵਾਰ 70 ਦੇਸ਼ਾਂ ਤੋਂ ਪਾਕਿਸਤਾਨ ਆਉਣ ਵਾਲੇ ਲੋਕ ਹਵਾਈ ਅੱਡੇ ’ਤੇ ਹੀ ਵੀਜ਼ਾ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ 5000 ਸਾਲ ਪੁਰਾਣੀ ਸਿੰਧੂ ਘਾਟੀ ਸਭਿਅਤਾ ਹੈ, ਵਿਸ਼ਵ ਦਾ ਸਭ ਤੋਂ ਪੁਰਾਣਾ 2500 ਸਾਲ ਪੁਰਾਣਾ ਸ਼ਹਿਰ ਪੇਸ਼ਾਵਰ ਹੈ। ਇਸ ਤੋਂ ਇਲਾਵਾ ਕਾਫੀ ਪੁਰਾਣੇ ਸ਼ਹਿਰ ਲਾਹੌਰ ਤੇ ਮੁਲਤਾਨ ਵੀ ਹਨ। ਉਧਰ, ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਮੁਖੀ ਮਹਿਬੂਬਾ ਮੁਫ਼ਤੀ ਨੇ ਜੰਗਲੀ ਰੱਖ ਦਾ ਨਾਮ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ ਨਾਮ ’ਤੇ ਰੱਖੇ ਜਾਣ ਦੇ ਫ਼ੈਸਲੇ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਕੀਤੀ ਹੈ। ਕੇਂਦਰ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਪੁਰਾਣੇ ਸ਼ਹਿਰਾਂ ਦੇ ਨਾਮ ਬਦਲਣ ਅਤੇ ਅਯੁੱਧਿਆ ’ਚ ਰਾਮ ਮੰਦਰ ਉਸਾਰੇ ਜਾਣਾ ਭਾਰਤ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਬਣ ਗਿਆ ਹੈ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ,‘‘ਸਮਾਂ ਕਿਵੇਂ ਬਦਲਦਾ ਹੈ।

Loading...
ਕੇਂਦਰ ਦੀ ਪਹਿਲੀ ਪ੍ਰਾਥਮਿਕਤਾ ਇਤਿਹਾਸਕ ਸ਼ਹਿਰਾਂ ਦੇ ਨਾਮ ਬਦਲਣ ਅਤੇ ਰਾਮ ਮੰਦਰ ਉਸਾਰਨਾ ਜਾਪਦਾ ਹੈ। ਦੂਜੇ ਪਾਸੇ ਇਹ ਦੇਖ ਕੇ ਖੁਸ਼ੀ ਹੋਈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਬਾਲੋਕੀ ਜੰਗਲੀ ਰੱਖ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਣ ਅਤੇ ਉਨ੍ਹਾਂ ਦੇ ਨਾਮ ’ਤੇ ਯੂਨੀਵਰਸਿਟੀ ਬਣਾਏ ਜਾਣ ਲਈ ਕਦਮ ਉਠਾਇਆ ਹੈ।’’ ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਨੇ ਇਕ ਸਮਾਗਮ ਦੌਰਾਨ ਇਹ ਐਲਾਨ ਕਰਦਿਆਂ ਕਿਹਾ ਸੀ ਕਿ ਪਾਕਿਸਤਾਨ ਸਾਰੇ ਨਾਗਰਿਕਾਂ ਦਾ ਹੈ ਅਤੇ ਉਹ ਯਕੀਨੀ ਬਣਾਉਣਗੇ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਿੱਖ ਸ਼ਰਧਾਲੂ ਆਸਾਨੀ ਨਾਲ ਮਨਾ ਸਕਣ।
First published: February 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...