ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੱਡਾ ਦਾਅ ਖੇਡਦੇ ਹੋਏ ਤੁਰਕੀ ਨੂੰ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਭਾਰਤ ਸ਼ੁਰੂ ਤੋਂ ਹੀ ਇਸ ਲਾਂਘੇ 'ਤੇ ਨਾਰਾਜ਼ਗੀ ਜ਼ਾਹਰ ਕਰਦਾ ਆ ਰਿਹਾ ਹੈ। ਭਾਰਤ ਦਾ ਕਹਿਣਾ ਹੈ ਕਿ ਇਹ ਭਾਰਤੀ ਖੇਤਰ ਵਿੱਚੋਂ ਲੰਘਦਾ ਹੈ, ਇਸ ਲਈ ਇਸ ਖੇਤਰ ਵਿੱਚ ਬਾਹਰੀ ਸ਼ਕਤੀਆਂ ਦਾ ਕੋਈ ਵੀ ਨਿਰਮਾਣ ਗੈਰ-ਕਾਨੂੰਨੀ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਆਪਣੀ ਅੰਕਾਰਾ ਫੇਰੀ ਦੌਰਾਨ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਸੀ ਅਤੇ ਇਸ ਦੌਰਾਨ ਤੁਰਕੀ ਨੂੰ ਇਸ ਦਾ ਪ੍ਰਸਤਾਵ ਦਿੱਤਾ ਸੀ। ਪਾਕਿਸਤਾਨੀ ਮੀਡੀਆ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਚੀਨ, ਪਾਕਿਸਤਾਨ ਅਤੇ ਤੁਰਕੀ ਵਿਚਾਲੇ ਸਹਿਯੋਗ ਹੋਣਾ ਚਾਹੀਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਚੰਗਾ ਹੋਵੇਗਾ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਅਜਿਹਾ ਕਰਨ ਨਾਲ ਅਸੀਂ ਮੌਜੂਦਾ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਵਾਂਗੇ।
ਸ਼ਾਹਬਾਜ਼ ਸ਼ਰੀਫ ਦਾ ਕਹਿਣਾ ਹੈ ਕਿ ਜੇ ਤੁਰਕੀ ਇਸ ਪ੍ਰਾਜੈਕਟ 'ਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਉਹ ਚੀਨ ਨਾਲ ਗੱਲਬਾਤ ਕਰਨ ਲਈ ਵੀ ਤਿਆਰ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਖੁਸ਼ੀ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਤੋਂ ਬਾਅਦ ਚੀਨ ਨੇ ਅਫਗਾਨਿਸਤਾਨ ਵਿੱਚ ਵੀ ਆਪਣੀ ਸੀਪੀਈਸੀ ਯੋਜਨਾ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ। ਭਾਰਤ ਨੇ ਵੀ ਚੀਨ ਦੇ ਇਸ ਇਰਾਦੇ ਦਾ ਸਖ਼ਤ ਸ਼ਬਦਾਂ ਦੇ ਵਿੱਚ ਵਿਰੋਧ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸੀਪੀਈਸੀ ਚੀਨ ਦੀ ਅਭਿਲਾਸ਼ੀ ਬੇਲਟ ਐਂਡ ਰੋਡ ਇਨੀਸ਼ੀਏਟਿਵ ਦਾ ਇੱਕ ਮਹੱਤਵਪੂਰਨ ਹਿੱਸਾ ਹੈ।ਚੀਨ ਦੀ ਇਹ ਯੋਜਨਾ ਕਰੀਬ 60 ਅਰਬ ਡਾਲਰ ਦੀ ਹੈ। ਇਹ ਕਾਰੀਡੋਰ ਚੀਨ ਦੇ ਪੱਛਮੀ ਸ਼ਿਨਜਿਆਂਗ ਨੂੰ ਪਾਕਿਸਤਾਨ ਦੀ ਗਵਾਦਰ ਬੰਦਰਗਾਹ ਨਾਲ ਜੋੜਦਾ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ ਹੀ ਸ਼ਰੀਫ ਦੀ ਸਰਕਾਰੀ ਯਾਤਰਾ ਦੌਰਾਨ ਚੀਨ ਨੇ ਪਾਕਿਸਤਾਨ ਨੂੰ ਦੇਸ਼ ਦੇ ਚੱਲ ਰਹੇ ਆਰਥਿਕ ਅਤੇ ਰਣਨੀਤਕ ਪ੍ਰਾਜੈਕਟਾਂ ਲਈ ਲਗਾਤਾਰ ਸਮਰਥਨ ਦੇਣ ਦਾ ਭਰੋਸਾ ਦਿੱਤਾ ਸੀ। ਦੋਵਾਂ ਦੇਸ਼ਾਂ ਨੇ ਵਿਦੇਸ਼ਾਂ ਵਿੱਚ ਮੌਜੂਦ ਅਫਗਾਨਿਸਤਾਨ ਦੀਆਂ ਜਾਇਦਾਦਾਂ ਨੂੰ ਪਾਬੰਦੀ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਸੀ। ਚੀਨ ਦਾ ਕਹਿਣਾ ਹੈ ਕਿ ਉਹ ਅਫਗਾਨਿਸਤਾਨ ਵਿੱਚ ਸੀਪੀਈਸੀ ਦਾ ਵਿਸਤਾਰ ਕਰਨਾ ਚਾਹੁੰਦਾ ਹੈ ਅਤੇ ਇਸ ਦੇ ਵਿਕਾਸ ਵਿੱਚ ਸਹਿਯੋਗ ਕਰਨਾ ਚਾਹੁੰਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਦਾ ਕਹਿਣਾ ਹੈ ਕਿ ਭਾਰਤ ਸੀਪੀਈਸੀ ਨੂੰ ਤੀਜੇ ਦੇਸ਼ ਤੱਕ ਵਧਾਉਣ ਦੇ ਖਿਲਾਫ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰਾਜੈਕਟ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਕਰਦਾ ਹੈ।ਭਾਰਤ ਇਸ ਦਾ ਲਗਾਤਾਰ ਵਿਰੋਧ ਕਰਦਾ ਆ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afghanistan, China, India, Pakistan, Turkey