ਸ਼ਿਵਮ ਮਹਾਜਨ
ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ਼ ਕੀਤਾ ਜਾ ਰਿਹਾ ਹੈ। ਲੁਧਿਆਣਾ ਇੱਕ ਉਦਯੋਗਿਕ ਸ਼ਹਿਰ ਹੈ ਅਤੇ ਇਥੇ ਬਿਮਾਰੀਆਂ ਦੇ ਫੈਲਣ ਦਾ ਖਤਰਾ ਆਮ ਸ਼ਹਿਰਾਂ ਨਾਲੋ ਜਿਆਦਾ ਰਹਿੰਦਾ ਹੈ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਖੜਾ ਨਾ ਹੋਣ ਦੇਣ ਅਤੇ ਘਰਾਂ ਦੀਆ ਛੱਤਾਂ ਉਪਰ ਪਾਣੀ ਦੀਆਂ ਟੈਕੀਆਂ, ਘਰਾਂ ਵਿਚ ਪਏ ਕੂਲਰਾਂ ਦੀ ਸਫਾਈ ਅਤੇ ਛੱਤਾਂ ਉਪਰ ਪਏ ਪੁਰਾਣੇ ਬਰਤਨਾਂ ਵਿਚ ਪਾਣੀ ਨਾ ਖੜਾ ਹੋਣ ਦੇਣ।
ਉਨ੍ਹਾਂ ਸਹਾਇਕ ਸਿਵਲ ਸਰਜਨ ਨੂੰ ਕਿਹਾ ਕਿ ਉਹ ਵੱਖ-ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਪਿੰਡਾਂ ਵਿਚ ਕੈਪ ਲਗਾਉਣ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡਣ। ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜੇ ਕਿਧਰੇ ਕੋਈ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਪਾਣੀ ਵਿਚ ਡੀਜਲ ਦਾ ਛਿੜਕਾਓ ਕੀਤਾ ਜਾਵੇ ਤਾ ਕਿ ਮੱਛਰ ਪੈਦਾ ਨਾ ਹੋ ਸਕੇ। ਉਨ੍ਹਾਂ ਨੇ ਜ਼ਿਲਾ ਸਿੱਖਿਆ ਅਫਸਰਾਂ ਨੂੰ ਕਿਹਾ ਕਿ ਉਹ ਬੱਚਿਆਂ ਅਤੇ ਸਕੂਲੀ ਸਟਾਫ ਨੂੰ ਪੂਰੀਆਂ ਬਾਹਵਾਂ ਵਾਲੇ ਕਪੜੇ ਪਹਿਨਣ ਸਬੰਧੀ ਹਦਾਇਤਾਂ ਜਾਰੀ ਕਰਨ।
ਇਸ ਤੋਂ ਇਲਾਵਾ ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਸਮੇ ਬੱਚਿਆਂ ਨੂੰ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਜਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਇਸ ਸਬੰਧੀ ਪੈਂਫਲੇਟ ਵੰਡਣ ਨੂੰ ਯਕੀਨੀ ਬਣਾਉਣ। ਉਨ੍ਹਾਂ ਜਿਲੇ ਦੇ ਸਾਰੇ ਸਰਕਾਰੀ ਦਫਤਰਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਦਫਤਰਾਂ ਵਿਚ ਸਫਾਈ ਨੂੰ ਯਕੀਨੀ ਬਣਾਉਣ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿਚ ਕੁਤਾਹੀ ਨਾ ਵਰਤੀ ਜਾਵੇ।
ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਮੌਜੂਦਾ ਸਮੇਂ ਡੇਂਗੂ ਦੇ ਮਾਮਲਿਆ ਵਿੱਚ ਵਾਧਾ ਹੋ ਰਿਹਾ ਹੈ ਅਤੇ 31 ਦੇ ਕਰੀਬ ਸੰਭਾਵਿਤ ਡੇਂਗੂ ਪ੍ਰਭਾਵਿਤ ਏਰੀਏ ਚਿੰਨਹਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ 18 ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਵੱਖ-ਵੱਖ ਸੰਭਾਵਿਤ ਖੇਤਰਾਂ ਵਿੱਚ ਫੋਗਿੰਗ ਵੀ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਆਕਤੀ ਨੇ ਡੇਂਗੂ ਟੈਸਟ ਕਰਵਾਉਣਾ ਹੋਵੇ ਤਾਂ ਉਹ ਇਹ ਡੇਂਗੂ ਦੇ ਫ਼ਰੀ ਟੈਸਟ ਸਿਵਲ ਹਸਪਤਾਲ ਲੁਧਿਅਣਾ, ਖੰਨਾ ਅਤੇ ਜਗਰਾਓ ਵਿਖੇ ਜਾ ਕੇ ਕਰਵਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।