ਸ਼ਿਵਮ ਮਹਾਜਨ
ਲੁਧਿਆਣਾ- ਪੰਜਾਬ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ, ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲਣੀ ਸ਼ੁਰੂ ਹੋ ਚੁੱਕੀ ਹੈ।
ਲੁਧਿਆਣਾ ਦੀ ਗੋਰਸੀਆਂ ਖਾਨ ਮੁਹੰਮਦ ਖੱਡ 'ਤੇ ਰੇਤਾ ਖਰੀਦਣ ਆਏ ਲੁਧਿਆਣਾ ਵਾਸੀਆਂ ਨੇ ਖੁਸ਼ੀ ਜਤਾਈ, ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਘਰ ਬਣਾਉਣ ਦਾ ਸੁਪਨਾ ਜਲਦੀ ਪੂਰਾ ਹੋਵੇਗਾ। ਰੇਤਾ ਸਸਤਾ ਹੋਣ ਨਾਲ ਹੁਣ ਉਨ੍ਹਾਂ ਦੇ ਕਾਫੀ ਪੈਸੇ ਵੀ ਬਚਣਗੇ, ਦੂਸਰੇ ਪਾਸੇ ਮਜ਼ਦੂਰਾਂ ਨੂੰ ਉਨ੍ਹਾਂ ਦਾ ਸਹੀ ਰੋਜ਼ਗਾਰ ਵੀ ਮਿਲੇਗਾ। ਮਿਸਤਰੀ ,ਮਜ਼ਦੂਰ ,ਦਿਹਾੜੀਦਾਰਾਂ ਜੋ ਵਿਹਲੇ ਹੋ ਗਏ ਸਨ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਰੁਜ਼ਗਾਰ ਮਿਲਣਾ ਸ਼ੁਰੂ ਹੋ ਜਾਵੇਗਾ ਹਰ ਕਿਸੇ ਦੀ ਜ਼ਿੰਦਗੀ ਪਟਰੀ 'ਤੇ ਆ ਜਾਵੇਗੀ।
ਹੁਣ ਹਰੇਕ ਜਨਤਕ ਖੱਡ ਤੋਂ 5.50 ਰੁਪਏ ਕਿਊਬਕ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਹਾਸਲ ਹੋਵੇਗੀ। ਮੁੱਖ ਮੰਤਰੀ ਦੇ ਮੁਤਾਬਿਕ ਇਹਨਾਂ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ 'ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ 'ਤੇ ਪੂਰੀ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।