ਕਰਨ ਵਰਮਾ,
ਮੋਹਾਲੀ: ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ 13 ਤੋਂ 15 ਅਗਸਤ, 2022 ਤੱਕ 75ਵੇਂ ਸੁਤੰਤਰਤਾ ਦਿਵਸ ਮੌਕੇ 'ਹਰ ਘਰ ਤਿਰੰਗਾ' ਪਹਿਲਕਦਮੀ ਤਹਿਤ ਘਰਾਂ, ਜ਼ਿਲ੍ਹਾ ਐਸ ਏ ਐਸ ਨਗਰ ਦੇ ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ 'ਤੇ 1 ਲੱਖ 13 ਹਜ਼ਾਰ 200 ਰਾਸ਼ਟਰੀ ਝੰਡੇ ਲਹਿਰਾਏ ਜਾਣਗੇ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਅਤੇ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਘਰਾਂ 'ਤੇ ਝੰਡੇ ਲਹਿਰਾ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ l
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 1 ਲੱਖ 13 ਹਜ਼ਾਰ 200 ਰਾਸ਼ਟਰੀ ਝੰਡੇ ਲੋਕਾਂ ਨੂੰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਤਿਰੰਗੇ ਦੀ ਸੁਚਾਰੂ ਵੰਡ ਪ੍ਰਕਿਰਿਆ ਤਹਿਤ ਰਾਸ਼ਟਰੀ ਝੰਡੇ ਲਈ ਵਿਭਾਗ-ਵਾਰ ਡਿਮਾਂਡ ਸੂਚੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਤਿਰੰਗੇ ਦੀ ਵੰਡ ਕੇਂਦਰ ਵੀ ਬਣਾਏ ਜਾਣਗੇ, ਜਿੱਥੇ ਇਨ੍ਹਾਂ ਵੰਡ ਕੇਂਦਰਾਂ ਵਿੱਚ ਲੋਕਾਂ ਨੂੰ ਵੱਡੇ ਆਕਾਰ ਦਾ ਝੰਡਾ 25 ਰੁਪਏ ਵਿੱਚ, ਦਰਮਿਆਨੇ ਆਕਾਰ ਦਾ ਝੰਡਾ 18 ਰੁਪਏ ਵਿੱਚ ਅਤੇ 6×9 ਇੰਚ ਦਾ ਝੰਡਾ 9 ਰੁਪਏ ਵਿੱਚ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਰੀਏ ਕਮਿਸ਼ਨਰ ਨਗਰ ਨਿਗਮ, ਐਸ.ਏ.ਐਸ ਨਗਰ ਨੂੰ 20200 ,ਵਧੀਕ ਡਿਪਟੀ ਕਮਿਸ਼ਨਰ (ਯੂ.ਡੀ), ਐਸ.ਏ.ਐਸ ਨਗਰ ਨੂੰ 53000 ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ 40000 ਸਮੇਤ ਜ਼ਿਲ੍ਹੇ ਵਿੱਚ ਕੁੱਲ 1,13,200 ਰਾਸ਼ਟਰੀ ਝੰਡੇ ਵੰਡੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣੇ ਸਟਾਫ਼ ਮੈਂਬਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਦੀ ਹੌਸਲਾ ਅਫਜ਼ਾਈ ਕਰਕੇ ਪ੍ਰੋਗਰਾਮ ਦੀ ਸਫਲਤਾ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਆਮ ਜਨਤਾ ਅਤੇ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਘਰਾਂ 'ਤੇ ਝੰਡੇ ਲਹਿਰਾ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਫਲੈਗ ਕੋਡ ਵਿੱਚ ਕੁੱਝ ਬਦਲਾਅ ਕੀਤੇ ਹਨ ਤਾਂ ਜੋ ਹਰ ਵਿਅਕਤੀ ਆਪਣੇ ਘਰ 'ਤੇ ਝੰਡਾ ਲਹਿਰਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 74th Independence Day, Mohali, Punjab