ਕਰਨ ਵਰਮਾ
ਮੋਹਾਲੀ: ਲੋਕਾਂ ਨੂੰ ਡੇਂਗੂ ਦੇ ਵੱਧ ਰਹੇ ਕੇਸਾਂ ਕਾਰਨ ਘਬਰਾਹਟ ਵਿਚ ਨਾ ਆਉਣ ਦੀ ਅਪੀਲ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਮੁਕਾਬਲੇ ਇਸ ਸਾਲ ਹੁਣ ਤਕ ਡੇਂਗੂ ਕੇਸਾਂ ਵਿਚ ਲਗਭਗ 60 ਫ਼ੀਸਦੀ ਦੀ ਕਮੀ ਹੈ। ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ 1 ਜਨਵਰੀ ਤੋਂ 31 ਅਕਤੂਬਰ ਤਕ ਡੇਂਗੂ ਦੇ 2631 ਮਾਮਲੇ ਦਰਜ ਕੀਤੇ ਗਏ ਸਨ ਜਦਕਿ ਇਸ ਸਾਲ 1 ਜਨਵਰੀ ਤੋਂ 31 ਅਕਤੂਬਰ ਤਕ 1071 ਮਾਮਲੇ ਦਰਜ ਹੋਏ ਹਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ ਇਕੱਲੇ ਅਕਤੂਬਰ ਮਹੀਨੇ ਵਿਚ 2260 ਮਾਮਲੇ ਦਰਜ਼ ਕੀਤੇ ਗਏ ਸਨ ਜਦਕਿ ਇਸ ਸਾਲ ਇਕੱਲੇ ਅਕਤੂਬਰ ਮਹੀਨੇ ਵਿਚ 551 ਮਾਮਲੇ ਦਰਜ ਹੋਏ ਹਨ। ਜੇ ਡੇਂਗੂ ਮਾਮਲਿਆਂ ਦੇ ਅਕਤੂਬਰ ਮਹੀਨੇ ਦੇ ਹਫ਼ਤਾਵਾਰੀ ਰੁਝਾਨ ਦੀ ਗੱਲ ਕੀਤੀ ਜਾਵੇ ਤਾਂ ਪਹਿਲੇ ਹਫ਼ਤੇ ਵਿਚ ਜ਼ਿਲ੍ਹੇ ਵਿਚ ਕੁਲ 111 ਮਾਮਲੇ ਦਰਜ ਕੀਤੇ ਗਏੇ। ਦੂਜੇ ਹਫ਼ਤੇ 144, ਤੀਜੇ ਹਫ਼ਤੇ 180 ਅਤੇ ਚੌਥੇ ਹਫ਼ਤੇ 52 ਮਾਮਲੇ ਦਰਜ ਕੀਤੇ ਗਏ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਪਹਿਲਾਂ ਮੁਕਾਬਲੇ ਡੇਂਗੂ ਕੇਸਾਂ ਦਾ ਰੁਝਾਨ ਘੱਟ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਸ ਘੱਟ ਹੋਣ ਦੀ ਜਾਣਕਾਰੀ ਸਾਂਝੀ ਕਰਨ ਦਾ ਇਹ ਅਰਥ ਨਾ ਲਿਆ ਜਾਵੇ ਕਿ ਸਾਵਧਾਨੀਆਂ ਵਰਤਣੀਆਂ ਛੱਡ ਦਿੱਤੀਆਂ ਜਾਣ ਸਗੋਂ ਇਸ ਮਾਰੂ ਬਿਮਾਰੀ ਤੋਂ ਬਚਾਅ ਲਈ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਹੋਰ ਸਾਵਧਾਨੀਆਂ ਵੀ ਵਰਤੀਆਂ ਜਾਣ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਜਿਨ੍ਹਾਂ ਵਿਚ ਬਰੀਡਿੰਗ ਚੈੱਕਰ, ਮਲਟੀ-ਪਰਪਜ਼ ਹੈਲਥ ਵਰਕਰ ਅਤੇ ਹੈਲਥ ਸੁਪਰਵਾਈਜ਼ਰ ਸ਼ਾਮਲ ਹਨ, ਮਾਰਚ ਮਹੀਨੇ ਤੋਂ ਜਾਂਚ, ਜਾਗਰੂਕਤਾ ਅਤੇ ਸਪਰੇਅ ਦਾ ਕੰਮ ਲਗਾਤਾਰ ਕਰ ਰਹਿਆਂ ਹਨ। ਟੀਮਾਂ ਨੇ ਹੁਣ ਤਕ ਜ਼ਿਲ੍ਹੇ ਦੇ ਲਗਭਗ 3,65,956 ਘਰਾਂ ਵਿਚ ਜਾ ਕੇ ਜਾਂਚ ਕੀਤੀ ਹੈ ਅਤੇ 11950 ਘਰਾਂ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ। ਕੁਲ 1923 ਚਲਾਨ ਕੀਤੇ ਗਏ ਹਨ। ਲੋਕਾਂ ਨੂੰ ਚੇਤਾਵਨੀ ਦੇਣ ਦੇ ਨਾਲ-ਨਾਲ ਡੇਂਗੂ, ਚਿਕਨਗੁਨੀਆ ਤੇ ਹੋਰ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਵੀ ਸਾਵਧਾਨੀ ਅਤੇ ਚੌਕਸੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਨੇ ਕਿਹਾ ਕਿ ਜੇ ਲੋਕ ਆਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ। ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ’ਤੇ ਫ਼ੋਨ ਕਰ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇੱਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Dengue, Mohali