ਕਰਨ ਵਰਮਾ
ਮੋਹਾਲੀ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2012 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ.ਸੰਦੀਪ ਗਰਗ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਂ ਰਹਿੰਦੇ ਕਾਬੂ ਕੀਤਾ ਜਾ ਸਕੇ। ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ, ਪਾਰਦਰਸ਼ੀ, ਕੁਸ਼ਲ ਪੁਲਿਸ ਪ੍ਰਸ਼ਾਸਨ ਅਤੇ ਥਾਣਿਆਂ 'ਚ ਲੋਕਾਂ ਅਤੇ ਬਜ਼ੁਰਗਾ ਦੀ ਪਹਿਲ ਦੇ ਆਧਾਰ ਤੇ ਸੁਣਵਾਈ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰ ਦਿੱਤੀ ਗਈ ਹੈ।
ਐਸ.ਐਸ.ਪੀ. ਨੇ ਕਿਹਾ ਕਿ ਵੱਧ ਤੋਂ ਵੱਧ ਨਵੀਂ ਟੈਕਨੌਲੋਜੀ ਨੂੰ ਪੁਲਿਸਿੰਗ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਪੁਲਿਸ ਅਤੇ ਲੋਕਾਂ ਵਿੱਚ ਵਧੀਆ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਮਸਲਿਆਂ ਨੂੰ ਸੁਲਝਾਇਆ ਜਾ ਸਕੇ। ਐਸ.ਐਸ.ਪੀ. ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਜ਼ਿਲ੍ਹੇ 'ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁੱਲੜਬਾਜ਼ਾਂ ਤੇ ਗ਼ਲਤ ਪਾਰਕਿੰਗ ਸਮੇਤ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਾ. ਸੰਦੀਪ ਗਰਗ ਐਮਬੀਬੀਐਸ ਹਨ ਅਤੇ ਆਈ.ਪੀ.ਐਸ ਦੇ 2012 ਬੈਚ ਨਾਲ ਸੰਬੰਧ ਰੱਖਦੇ ਹਨ। ਐਸ.ਏ.ਐਸ. ਨਗਰ ਤੋਂ ਪਹਿਲਾਂ ਉਹ ਸੰਗਰੂਰ ਅਤੇ ਪਟਿਆਲਾ ਦੇ ਐਸ ਐਸ ਪੀ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਰੋਪੜ ਜ਼ਿਲ੍ਹੇ ਦੇ ਐਸ ਐਸ ਪੀ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੀ ਪੁਲਿਸਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਵੱਲੋਂ ਐਸ.ਐਸ.ਪੀ. ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Police, SSP