ਕਰਨ ਵਰਮਾ
ਮੋਹਾਲੀ: ਪੰਜਾਬ ਸਰਕਾਰ ਵੱਲੋਂ ਸ਼ਹੀਦ -ਏ -ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਐਸਏਐਸ ਨਗਰ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਜਿਹਨਾਂ ਦਾ ਵੇਰਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮੌਕੇ ਪ੍ਰਸ਼ਾਸ਼ਨ ਵੱਲੋਂ ਸਵੇਰੇ ਡੀ ਸੀ ਕੰਪਲੈਕਸ ਤੋਂ ਸਾਈਕਲ ਰੈਲੀ ਕੱਢੀ ਜਾਵੇਗੀ l
ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਜ਼ਿਲ੍ਹੇ ਵਿੱਚ ਨਗਰ ਨਿਗਮਾਂ , ਸਿੱਖਿਆ ਵਿਭਾਗ ਤੇ ਹੇਰਨਾਂ ਅਦਾਰਿਆਂ ਵੱਲੋਂ ਵੀ ਸਮਾਗਮ ਕਰਵਾਏ ਜਾਣਗੇ ।ਉਸੇ ਦਿਨ ਸ਼ਾਮ ਨੂੰ 7 ਵਜੇ ਤੋਂ ਬਾਅਦ ਸਿਟੀ ਪਾਰਕ ਸੈਕਟਰ 68 ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ l
ਉਨ੍ਹਾਂ ਦੱਸਿਆ ਕਿ ਸਿਟੀ ਪਾਰਕ ਵਿੱਚ ਬਣੇ ਓਪਨ ਏਅਰ ਥੀਏਟਰ ਤੱਕ ਕੈਂਡਲ ਲਾਈਟ ਮਾਰਚ ਕੱਢਿਆ ਜਾਵੇਗਾl ਇਸ ਮਗਰੋਂ ਸਿਟੀ ਪਾਰਕ ਤੇ ਓਪਨ ਏਅਰ ਥੀਏਟਰ ਵਿੱਚ ਸ਼ਹੀਦ ਭਗਤ ਸਿੰਘ ਦੇ ਜੀਵਨ ਨੂੰ ਸਮਰਪਿਤ ਇੱਕ ਨਾਟਕ ਦਾ ਮੰਚਨ ਵੀ ਕੀਤਾ ਜਾਵੇਗਾ lਉਨ੍ਹਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ।ਅਮਿਤ ਤਲਵਾੜ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਨੂੰ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 21 ਸਤੰਬਰ ਤੋਂ ਹੀ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਪ੍ਰਦਰਸ਼ਿਤ ਕਰਦੇ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ l ਉਨ੍ਹਾਂ ਦੱਸਿਆ ਕਿ 28 ਸਤੰਬਰ ਤੱਕ ਸਕੂਲਾਂ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ।ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਨੂੰ ਉਨ੍ਹਾਂ ਦੇ 115ਵੇਂ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagat singh, Chandigarh, Mohali, Punjab