ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਬੀਤੇ ਦਿਨੀਂ ਲੰਬੀ ਵਿਖੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਸੰਬੰਧ ਦੇ ਵਿੱਚ ਕਿਸਾਨਾਂ 'ਤੇ ਦਰਜ ਹੋਏ ਮਾਮਲੇ ਦੇ ਸੰਬੰਧ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਇਕੱਠ ਦੇ ਦਿੱਤੇ ਗਏ ਸੱਦੇ ਤਹਿਤ ਪੰਜਾਬ ਭਰ ਤੋਂ ਯੂਨੀਅਨ ਦੇ ਵੱਡੀ ਗਿਣਤੀ 'ਚ ਵਰਕਰ ਪਹੁੰਚੇ। ਇਸ ਮੌਕੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਹ ਧਰਨਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਵਿਰੁੱਧ ਹੈ ਕਿਉਂਕਿ ਡਿਪਟੀ ਕਮਿਸ਼ਨਰ ਵੱਲੋਂ ਲੰਬੀ ਵਿਖੇ ਉਸ ਦਿਨ ਘਿਰਾਓ ਕਰ ਚੁੱਕੇ ਕਿਸਾਨਾਂ 'ਤੇ ਲਾਠੀਚਾਰਜ ਦਾ ਆਰਡਰ ਦਿੱਤਾ ਗਿਆ।
ਜਿਸ ਤੋਂ ਬਾਅਦ ਕਿਸਾਨਾਂ ਦੀ ਜਿੱਥੇ ਕੁੱਟਮਾਰ ਹੋਈ ਉਥੇ ਹੀ ਕਿਸਾਨਾਂ ਦੇ ਵਿਰੁੱਧ ਮਾਮਲਾ ਵੀ ਦਰਜ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਨਰਮੇ ਦਾ ਮੁਆਵਜ਼ਾ ਦੇਣ ਸਬੰਧੀ ਦਿੱਤੇ ਜਾ ਰਹੇ ਬਿਆਨ 'ਤੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਿਰਫ਼ ਛੇ ਪਿੰਡਾਂ ਦੇ ਵਿਚ ਅਜਿਹਾ ਹੋਇਆ ਹੈ ਅਤੇ ਜ਼ਿਲ੍ਹੇ ਦੇ ਬਹੁਤੇ ਪਿੰਡਾਂ ਦੇ ਵਿੱਚ ਮੁਆਵਜ਼ਾ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਜਿੱਥੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ, ਉੱਥੇ ਹੀ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ 'ਤੇ ਦਰਜ ਮਾਮਲਾ ਰੱਦ ਹੋਣਾ ਚਾਹੀਦਾ ਹੇੈ।ਉਨ੍ਹਾਂ ਕਿਹਾ ਕਿ ਜਥੇਬੰਦੀ ਅੱਗੇ ਵੱਡੇ ਸੰਘਰਸ਼ ਦਾ ਹੋਰ ਐਲਾਨ ਕਰੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।