ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਅਕਾਲਗੜ ਸਰਕਲ ਬਧਾਈ ਵਿਖੇ ਡਾਕਟਰ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਜਗਸੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਝੋਨੇ, ਬਾਸਮਤੀ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ। ਪਰਾਲੀ ਵਿਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ। ਫਸਲ ਦੀ ਰਹਿੰਦ ਖੂੰਦ ਸਾੜਨ ਨਾਲ ਲਾਹੇਵੰਦ ਜੀਵ ਜੰਤੂਆਂ 'ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਵਲੋਂ ਕਿਸਾਨਾਂ ਨੂੰ ਵੱਖ ਵੱਖ ਤਰੀਕਿਆਂ ਨਾਲ ਪਰਾਲੀ ਨੂੰ ਖੇਤ ਵਿੱਚ ਨਸ਼ਟ ਕਰਨ ਸੰਬੰਧੀ ਜਾਣਕਾਰੀ ਦਿੱਤੀ।
ਖੇਤੀਬਾੜੀ ਵਿਕਾਸ ਅਫਸਰ ਹਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫਸਲ ਉਪਰ ਕੀੜੇ ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਕਿਸਾਨਾਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਅਪੀਲ ਕੀਤੀ। ਉਨ੍ਹਾਂ ਵਲੋਂ ਕਿਸਾਨਾਂ ਨੂੰ ਆਉਣ ਵਾਲੇ ਸੀਜਨ ਦੌਰਾਨ ਵਧੀਆ ਕੁਆਲਿਟੀ ਦੇ ਬੀਜ ਖਰੀਦਣ ਅਤੇ ਹਰ ਇਕ ਖੇਤੀ ਇਨਪੁੱਟ ਜੋ ਕਿ ਕਿਸਾਨ ਡੀਲਰਾਂ ਪਾਸੋਂ ਖਰੀਦਦਾ ਹੈ ਉਸਦਾ ਪੱਕਾ ਬਿੱਲ ਲੈਣ ਲਈ ਵੀ ਅਪੀਲ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farming tips, Muktsar, Punjab