ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ। ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾਂ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ।
ਜ਼ਿਲ੍ਹੇ ਵਿਚ ਪ੍ਰਾਇਵੇਟ ਨਸ਼ਾ ਛੁਡਾਉ ਹਸਪਤਾਲਾਂ ਵਿਚ ਵੀ ਦਾਖਲ ਕਰਕੇ ਬਿਨਾ ਤਕਲੀਫ ਤੋਂ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਨਸ਼ਾ ਛੁਡਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ। ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ। ਜਿੱਥੇ ਕੇ ਮਾਹਿਰ ਕੋਂਸਲਰਾਂ ਵਲੋਂ ਉਨ੍ਹਾਂ ਦੀ ਰੋਜ਼ਾਨਾ ਕਾਉਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।
ਇਸ ਦੋਰਾਨ ਮਲੋਟ ਵਿਖੇ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰ ਮਲੋਟ ਡੀ-ਅਡੀਕਸ਼ਨ ਸੈਂਟਰ ਵਲੋਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਅਤੇ ਲੋਕ ਭਲਾਈ ਲਈ ਨਸ਼ੇ ਤੋਂ ਪੀੜਤ ਵਿਅਕਤੀ ਜੋ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਦੇ ਚਾਹਵਾਨ ਹੁੰਦੇ ਹਨ ਉਨ੍ਹਾਂ ਨੂੰ ਦਾਖਲ ਕਰਕੇ ਮੁਫਤ ਨਸ਼ਾ ਛੁਡਵਾਇਆ ਜਾ ਰਿਹਾ ਹੈ ਅਤੇ ਕੋਈ ਵੀ ਫੀਸ ਚਾਰਜ ਨਹੀ ਕੀਤੀ ਜਾਂਦੀ। ਇਸ ਮੌਕੇ ਡਾ. ਬੰਦਨਾ ਬਾਂਸਲ ਵਲੋਂ ਨਸ਼ਾ ਛੁਡਾਉ ਸੈਂਟਰ ਵਿਚ ਦਾਖਲ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਹਾਲ ਚਾਲ ਜਾਣਿਆ ਗਿਆ ਅਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Health care, Muktsar, Punjab, Rehabilitation