ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਪੰਜਾਬ ਰੋਡਵੇਜ਼/ਪੱਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋਂ 27 ਡਿੱਪੂਆਂ ਦੇ ਗੇਟਾਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ 'ਤੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਅਤੇ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਹਨ। ਸਰਕਾਰ ਅਤੇ ਅਧਿਕਾਰੀਆਂ ਵਲੋਂ ਕੋਈ ਹੱਲ ਨਹੀਂ ਕੀਤਾ ਗਿਆ।
ਪਨਬੱਸ ਅਤੇ PRTC ਦੇ ਕੰਟਰੈਕਟ ਅਤੇ ਆਊਟਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਆਊਟਸੋਰਸਿੰਗ ਮੁਲਾਜ਼ਮਾਂ ਦਾ ਜੀ ਐਸ ਟੀ ਅਤੇ ਕਮਿਸ਼ਨ ਦੇ ਰੂਪ ਵਿੱਚ 20-25 ਕਰੋੜ ਰੁਪਏ ਸਲਾਨਾ ਵਿਭਾਗਾਂ ਦੀ ਨਜਾਇਜ਼ ਲੁੱਟ ਠੇਕੇਦਾਰ ਕਾਰਨ ਹੋ ਰਹੀ ਹੈ।
ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਦੇ ਬਿਆਨਾਂ ਦੇ ਉਲਟ ਪੀ ਆਰ ਟੀ ਸੀ ਵਿੱਚ ਅਤੇ ਹੁਣ ਪਨਬੱਸ ਵਿੱਚ ਆਊਟਸੋਰਸਿੰਗ 'ਤੇ ਨਜਾਇਜ਼ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਦਾ ਪ੍ਰਤੀ ਮਹੀਨਾ 1 ਬੱਸ ਦਾ ਪ੍ਰਾਈਵੇਟ ਮਾਲਕਾਂ ਨੂੰ 1 ਲੱਖ ਤੋਂ ਡੇਢ ਲੱਖ ਰੁਪਏ ਤੱਕ ਲੁੱਟ ਕਰਾਉਣ ਦੀ ਤਿਆਰੀ ਹੈ ਅਤੇ ਫੇਰ ਬੱਸ ਛੇ ਸਾਲਾਂ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਹੋ ਜਾਣਗੀਆਂ ਅਤੇ ਕਰੀਬ ਕਰੀਬ 1 ਬੱਸ 80-85 ਲੱਖ ਰੁਪਏ ਵੀ ਵਿਭਾਗ ਪਾਸੋਂ ਲੈ ਜਾਉਗੀ। ਇਹ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਪਿਛਲੀ ਸਰਕਾਰ ਸਮੇਂ ਹੋਈਆਂ ਤਨਖਾਹ ਵਾਧਾ ਰਿਪੋਰਟਾਂ ਵਾਲੇ ਅਤੇ ਨਵੇਂ ਭਰਤੀ ਅਤੇ ਬਹਾਲ ਹੋ ਕੇ ਆਏ ਮੁਲਾਜ਼ਮਾਂ 'ਤੇ ਲਾਗੂ ਨਹੀਂ ਕੀਤਾ ਗਿਆ। ਇਸ ਸਾਲ 1-10-22 ਤੋਂ 5% ਤਨਖ਼ਾਹ ਵਾਧਾ ਇੰਕਰੀਮੈਂਟ ਵੀ ਨਹੀਂ ਲਗਾਈ ਜਾ ਰਹੀ।
ਉਨ੍ਹਾਂ ਨੇ ਕਿਹਾ ਕਿ ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ। ਪੰਜਾਬ ਦੀ ਅਬਾਦੀ ਮੁਤਾਬਿਕ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ ਘੱਟ 10 ਹਜ਼ਾਰ ਕੀਤੀ ਜਾਵੇ ਆਦਿ ਮੰਗਾਂ ਨੂੰ ਲੈ ਕੇ ਯੂਨੀਅਨ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਇਨ੍ਹਾਂ ਕਾਰਨਾਂ ਕਰਕੇ ਵਰਕਰਾਂ ਦੀਆਂ ਨਜਾਇਜ਼ ਰਿਪੋਰਟਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਫ਼ਸਰਸ਼ਾਹੀ ਅਤੇ ਸਰਕਾਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।