ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਠੇਕਾ ਮੁਲਾਜ਼ਮਾਂ ਵਲੋਂ ਪਾਣੀ ਵਾਲੀ ਟੈਂਕੀ ’ਤੇ ਚੱੜ ਕੇ ਧਰਨਾ ਲਾਇਆ ਗਿਆ। ਇਸ ਦੌਰਾਨ ਮੁਲਾਜਮ ਜਿੱਥੇ ਪਾਣੀ ਵਾਲੀ ਟੈਂਕੀ ’ਤੇ ਚੱੜ ਗਏ ਉਥੇ ਇਸਦੇ ਨਾਲ ਹੀ ਵੱਡੀ ਗਿਣਤੀ ਵਿਚ ਟੈਂਕੀ ਦੇ ਹੇਠਾ ਵਰਕਰਾਂ ਵੱਲੋਂ ਧਰਨਾ ਲਗਾਇਆ ਗਿਆ ਅਤੇ ਵਿਭਾਗੀ ਮੁੱਖੀ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਬੱਧੀ ਅਰਸ਼ੇ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਵਲੋਂ ਆਪਣਾ ਪੱਕਾ ਰੁਜਗਾਰ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਵਿਭਾਗੀ ਮੁੱਖੀ ਅਤੇ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਕਾਮਿਆਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਕਰਨ ਦੀ ਬਜਾਏ ਵਰਕਰ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ ਕਿ ਇਹ ਸਾਡੇ ਮੁਲਾਜਮ ਨਹੀਂ ਹਨ ਅਤੇ ਠੇਕੇਦਾਰ ਹਨ। ਜਿਸਦੇ ਕਾਰਨ ਹੀ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜਮਾਂ ਵਲੋਂ ਕੀਤੇ ਕੰਮਾਂ ਦਾ ਮੇਹਨਤਾਨਾ ਅਤੇ ਤਨਖਾਹਾਂ ਕਈ-ਕਈ ਮਹੀਨਿਆਂ ਤੋਂ ਰੋਕ ਦਿੱਤੀਆਂ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਪਿਛਲੀਆਂ ਸਰਕਾਰਾਂ ਸਮੇਂ ਤੋਂ ਕਿਰਤ ਕਾਨੂੰਨ ਤਹਿਤ ਵਧੀਆਂ ਉਜਰਤਾਂ ਮੁਤਾਬਕ 2 ਸਾਲਾਂ ਦਾ ਬਣਦਾ ਏਰੀਅਰ ਨਹੀਂ ਦਿੱਤਾ ਜਾ ਰਿਹਾ ਹੈ। ਨਾ ਹੀ ਹਾਲ ਹੀ ਵਿਚ ਪੰਜਾਬ ਸਰਕਾਰ ਦੇ ਕਿਰਤ ਕਾਨੂੰਨ ਤਹਿਤ ਕਿਰਤੀ ਕਾਮਿਆਂ ਦੀਆਂ ਉਜਰਤਾਂ ਵਿਚ 715 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗੀ ਮੁੱਖੀ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧੀਨ ਪੇਂਡੂ ਜਲ ਘਰਾਂ ਦਾ ਨਿੱਜੀਕਰਨ/ਪੰਚਾਇਤੀ ਕਰਨ ਲਈ ਨਹਿਰੀ ਪਾਣੀ ਸਪਲਾਈ ਲਈ ਬਲਾਕ ਪੱਧਰੀ ਵੱਡੇ-ਵੱਡੇ ਮੈਗਾ ਪ੍ਰੋਜੈਕਟ ਨਿੱਜੀ ਕੰਪਨੀਆਂ ਨੂੰ ਲਗਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਜਿੱਥੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਾਲੇ ਵਿਭਾਗ ਦਾ ਮੁਕੰਮਲ ਪ੍ਰਬੰਧ ਨਿੱਜੀ ਹੱਥਾਂ ਵਿਚ ਚਲਾ ਜਾਣ ਨਾਲ ਪਿੰਡਾਂ ਦੇ ਲੋਕਾਂ ਨੂੰ ਪਾਣੀ ਮਹਿੰਗੇ ਮੁੱਲ ’ਤੇ ਵੇਚ ਕੇ ਅੰਨ੍ਹੀ ਲੁੱਟ ਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।