ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਗੁਰਦੁਆਰੇ 'ਚ ਸ਼ਨੀਵਾਰ ਨੂੰ ਹੋਏ ਕਈ ਧਮਾਕਿਆਂ ਤੋਂ ਬਾਅਦ ਭਾਰਤ ਸਰਕਾਰ ਨੇ ਉਥੋਂ ਦੇ ਸਿੱਖਾਂ ਨੂੰ ਈ-ਵੀਜ਼ਾ ਦੇਣ ਦਾ ਐਲਾਨ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਹੁਣ ਤੱਕ 100 ਦੇ ਕਰੀਬ ਅਜਿਹੇ ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ।
ਦੱਸ ਦਈਏ ਕਿ ਇਸ ਹਮਲੇ ਵਿੱਚ ਇੱਕ ਸਿੱਖ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ ਸਨ। ਇਸ ਦੇ ਨਾਲ ਹੀ ਅਫਗਾਨ ਸੁਰੱਖਿਆ ਕਰਮੀਆਂ ਨੇ ਵਿਸਫੋਟਕਾਂ ਨਾਲ ਭਰੇ ਵਾਹਨ ਨੂੰ ਗੁਰਦੁਆਰੇ ਅੰਦਰ ਦਾਖਲ ਹੋਣ ਤੋਂ ਰੋਕ ਕੇ ਵੱਡੀ ਘਟਨਾ ਨੂੰ ਟਾਲ ਦਿੱਤਾ।
ਭਾਰਤ ਨੇ ਇਸ ਹਮਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸਥਿਤ ਗੁਰਦੁਆਰਾ ਕਾਰਤੇ ਪਰਵਾਨ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਇੱਕ ਟਵੀਟ ਵਿੱਚ ਮੋਦੀ ਨੇ ਕਿਹਾ, "ਕਾਬੁਲ ਵਿੱਚ ਕਾਰਤੇ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ ਵਿੱਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ "ਕਾਇਰਾਨਾ ਹਮਲੇ" ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਸਰਕਾਰ ਘਟਨਾ ਤੋਂ ਬਾਅਦ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ, 'ਗੁਰਦੁਆਰਾ ਕਾਰਤੇ ਪਰਵਾਨ 'ਤੇ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਜਦੋਂ ਤੋਂ ਸਾਨੂੰ ਹਮਲੇ ਦੀ ਖ਼ਬਰ ਮਿਲੀ ਹੈ ਅਸੀਂ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।