ਨਵੀਂ ਦਿੱਲੀ: ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਜਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਇਨਸਾਫ਼ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ 'ਚ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਏਗੀ। ਇੰਨਾ ਹੀ ਨਹੀਂ ਉਨ੍ਹਾਂ ਮੂਸੇਵਾਲਾ ਦੇ ਕਤਲ 'ਤੇ ਰਾਜਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਹਿੰਸਾ ਅਤੇ ਮੋਹਾਲੀ ਬੰਬ ਬਲਾਸਟ ਕਾਂਡ ਹੋਇਆ ਸੀ, ਜਿਸ ਨੂੰ 24 ਜਾਂ 48 ਘੰਟਿਆਂ ਵਿੱਚ ਸੁਲਝਾ ਲਿਆ ਗਿਆ ਸੀ। ਹੁਣ ਜਦੋਂ ਨਵੀਂ ਸਰਕਾਰ ਆਈ ਹੈ ਤਾਂ ਉਹ ਪੂਰੀ ਕੋਸ਼ਿਸ਼ ਕਰ ਰਹੀ ਹੈ। ਵਿਰੋਧੀ ਪਾਰਟੀ ਅਤੇ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਅੱਗੇ ਲਿਜਾਣਾ ਹੈ, ਰਾਜਨੀਤੀ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਅੱਗੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੋ ਵੀ ਘਟਨਾ ਵਾਪਰੀ ਹੈ, ਉਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ, ਬੜੇ ਅਫਸੋਸ ਦੀ ਗੱਲ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਸਾਰੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਫੜ ਕੇ ਸਜ਼ਾ ਦਿੱਤੀ ਜਾਵੇਗੀ।
ਅੱਜ ਸੀਐਮ ਭਗਵੰਤ ਮਾਨ ਨੇ ਅੱਜ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਮਾਨਸਾ ਸਥਿਤ ਜੱਦੀ ਪਿੰਡ ਪਹੁੰਚੇ। ਇਸ ਦੌਰਾਨ ਉਹ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਮੂਸੇਵਾਲਾ ਦੇ ਨਾਂ 'ਤੇ ਸਟੇਡੀਅਮ ਅਤੇ ਕੈਂਸਰ ਹਸਪਤਾਲ ਬਣਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ (28) ਦੀ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।