ਅਸਾਮ ਦੇ ਪੱਥਰਖੰਡੀ ਦੇ ਬੈਟਾਖਲ ‘ਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਹੋਇਆ। ਟਰੱਕ ਤੇ ਆਟੋ ਦੀ ਆਹਮਣੇ ਸਾਹਮਣੇ ਦੀ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 9 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਟੱਕਰ ਇੰਨੀਂ ਭਿਆਨਕ ਸੀ ਕਿ ਆਟੋ ਰਿਕਸ਼ਾ ਤਹਿਸ ਨਹਿਸ ਹੋ ਗਿਆ। ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਸ ਤੇ ਪ੍ਰਸ਼ਾਸਨ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
ਜਾਣਕਾਰੀ ਦੇ ਮੁਤਾਬਕ ਟਰੱਕ ਦਾ ਹਾਦਸਾ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਆਸਾਮ ਪੁਲਿਸ ਤਲਾਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਇਸੇ ਤਰ੍ਹਾਂ ਦਾ ਭਿਆਨਕ ਹਾਦਸਾ ਹੋਇਆ ਸੀ, ਜਿਸ ਵਿੱਚ 12 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਬੱਸ ਤੇ ਟਰੱਕ ਦੇ ਵਿਚਾਲੇ ਆਹਮਣੇ ਸਾਹਮਣੇ ਦੀ ਟੱਕਰ ਹੋਈ ਸੀ, ਜਿਸ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ ਸੀ।
ਇਸ ਹਾਦਸੇ ‘ਤੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਹੋਰ ਨੇਤਾਵਾਂ ਨੇ ਸੋਗ ਦਾ ਪ੍ਰਗਟਾਵਾ ਕੀਤਾ ਸੀ।ਇਹੀ ਨਹੀਂ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਖ਼ਜ਼ਾਨੇ ‘ਚੋਂ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਜਦਕਿ ਸੂਬਾ ਸਰਕਾਰ ਨੇ ਮ੍ਰਿਤਕਾਂ ਲਈ 5-5 ਲੱਖ ਅਤੇ ਜ਼ਖ਼ਮੀਆਂ ਨੂੰ 1-1 ਲੱਖ ਮੁਆਵਜ਼ੇ ਦਾ ਐਲਾਨ ਕੀਤਾ ਸੀ।
ਬਾੜਮੇਰ ਦੇ ਜ਼ਿਲ੍ਹਾ ਅਧਿਕਾਰੀ ਲੋਕਬੰਧੂ ਨੇ ਦੱਸਿਆ ਕਿ ਹਾਦਸੇ ਵਿੱਚ ਪੰਜ ਮਹੀਨੇ ਦੀ ਬੱਚੀ ਸਮੇਤ 12 ਲੋਕਾਂ ਦੀ ਮੌਤ ਹੋਈ ਹੈ। ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਜੋਧਪੁਰ ਦੇ ਹਸਪਤਾਲ ‘ਚ ਰੈਫ਼ਰ ਕੀਤਾ ਗਿਆ। ਡੀਸੀਪੀ ਨੀਤੇਸ਼ ਆਰਿਆ ਨੇ ਦੱਸਿਆ ਕਿ ਹਾਦਸੇ ‘ਚ ਕੁੱਲ 38 ਲੋਕ ਜ਼ਖ਼ਮੀ ਹੋਏ ਸੀ। ਦੋਵੇਂ ਵਾਹਨਾਂ ‘ਚ ਟੱਕਰ ਦੇ ਤੁਰੰਤ ਬਾਅਦ ਅੱਗ ਲੱਗ ਗਈ ਸੀ। ਵਾਹਨਾਂ ‘ਚ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਫ਼ਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਸੀ।
ਇਹ ਟੱਕਰ ਇੰਨੀਂ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਸੀ। ਬੱਸ ਵਿੱਚ ਸਭ ਤੋਂ ਪਿੱਛੇ ਬੈਠੀਆਂ ਸਵਾਰੀਆਂ ਨੇ ਖਿੜਕੀਆਂ ‘ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ, ਜਦਕਿ ਬੱਸ ਦੇ ਕੈਬਿਨ ਤੇ ਅਗਲੀਆਂ ਸੀਟਾਂ ‘ਤੇ ਬੈਠੇ ਲੋਕ ਅੱਗ ਵਿੱਚ ਫ਼ਸ ਗਏ ਅਤੇ ਉਨ੍ਹਾਂ ਦੀ ਝੁਲਸਣ ਕਾਰਨ ਮੌਤ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Assam, Assam news, Crime news, Death toll, India, Road accident