ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਦੀ ਅਗਵਾਈ ਵਾਲਾ ਗਠਜੋੜ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰੇਗਾ। ਉਨ੍ਹਾਂ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਆਮ ਮੁਲਾਕਾਤ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਚੋਣਾਂ(Punjab Election 2022) ਦੇ ਨਤੀਜਿਆਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਕੋਈ ਭਵਿੱਖਬਾਣੀ ਨਹੀਂ ਕਰਨਗੇ।
ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਸਿੰਘ ਨੇ ਚੋਣਾਂ ਵਿਚ ਉਨ੍ਹਾਂ ਦੇ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਜਾਣ 'ਤੇ ਕਿਹਾ, "ਮੈਂ ਕੋਈ ਪੰਡਿਤ ਨਹੀਂ ਹਾਂ, ਮੈਂ ਕੋਈ ਅਜਿਹਾ ਵਿਅਕਤੀ ਨਹੀਂ ਹਾਂ ਜੋ ਭਵਿੱਖਬਾਣੀ ਕਰ ਸਕੇ। ਮੇਰੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਜਪਾ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਆਓ ਦੇਖੀਏ। ਕੀ ਹੁੰਦਾ ਹੈ।" ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਦਿੱਲੀ ਵਿਖੇ ਹੋਈ ਮੀਟਿੰਗ ਪੰਜਾਬ ਬਾਰੇ ਆਮ ਤੌਰ 'ਤੇ ਚਰਚਾ ਕਰਨ ਲਈ ਸੀ ਅਤੇ ਉਨ੍ਹਾਂ ਦਾ ਚੋਣਾਂ ਬਾਰੇ ਕੋਈ ਲੈਣਾ ਦੇਣਾ ਨਹੀਂ ਸੀ।
ਕੈਪਟਨ ਨੇ ਕਿਹਾ, "ਨਤੀਜੇ ਅਜੇ ਘੋਸ਼ਿਤ ਨਹੀਂ ਹੋਏ ਹਨ। ਮੈਂ ਗ੍ਰਹਿ ਮੰਤਰੀ ਨਾਲ ਆਮ ਚਰਚਾ ਕੀਤੀ ਸੀ। ਨਤੀਜਿਆਂ ਤੋਂ ਬਾਅਦ ਵਿਸਤ੍ਰਿਤ ਚਰਚਾ ਹੋਵੇਗੀ।"
ਇਸ ਦੌਰਾਨ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪੰਜ ਰਾਜਾਂ - ਉੱਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪੰਜਾਬ ਨੇ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ, ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ-ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਮੁੱਖ ਖਿਡਾਰੀਆਂ ਦੇ ਰੂਪ ਵਿੱਚ ਬਹੁ-ਕੋਣੀ ਮੁਕਾਬਲਾ ਦੇਖਿਆ।
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਰਾਜ ਵਿੱਚ ਇਸ ਚੋਣ ਵਿੱਚ 68 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ। 2017 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ ਅਤੇ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸਨ। ਇਸ ਚੋਣ ਤੋਂ ਕੁਝ ਮਹੀਨੇ ਪਹਿਲਾਂ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕਰਕੇ ਆਪਣੀ ਪਾਰਟੀ ਬਣਾ ਕੇ ਚੋਣ ਲੜੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Captain Amarinder Singh, Punjab Election 2022