
ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ, ਅੰਦੋਲਨ ਖਤਮ ਕਰ ਦੇਣ ਕਿਸਾਨ: ਤੋਮਰ (ਫਾਇਲ ਫੋਟੋ)
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਉਹ ਦਿੱਲੀ ਦੀਆਂ ਹੱਦਾਂ ’ਤੇ ਕੀਤਾ ਜਾ ਰਿਹਾ ਸੰਘਰਸ਼ ਖ਼ਤਮ ਕਰ ਦੇਣ। ਤੋਮਰ ਨੇ ਕਿਹਾ ਕਿ ਜਦ ਵੀ ਕਿਸਾਨ ਕੋਈ ਠੋਸ ਤਜਵੀਜ਼ ਲੈ ਕੇ ਆਉਣਗੇ, ਸਰਕਾਰ ਗੱਲਬਾਤ ਕਰੇਗੀ।
ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਹੁਣ ਸਰਕਾਰ ਹੋਰ ਗੱਲਬਾਤ ਕਰਨ ਲਈ ਤਿਆਰ ਹੈ।
ਕੇਂਦਰੀ ਮੰਤਰੀ ਨੇ ਕਿਸਾਨਾਂ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਵਿਚ ਲੱਖਾਂ ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ। ਤੋਮਰ ਨੇ ਕਿਹਾ ਕਿ ‘ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਾਰਾ ਸੰਸਾਰ ਤੇ ਪੂਰਾ ਮੁਲਕ ਕੋਵਿਡ ਨਾਲ ਜੁੜੇ ਨੇਮਾਂ ਮੁਤਾਬਕ ਚੱਲ ਰਿਹਾ ਹੈ, ਅੰਦੋਲਨਕਾਰੀ ਕਿਸਾਨਾਂ ਨੂੰ ਵੀ ਕਰੋਨਾ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੀ ਜ਼ਿੰਦਗੀ ਸਾਡੇ ਸਾਰਿਆਂ ਲਈ ਬਹੁਤ ਅਹਿਮੀਅਤ ਰੱਖਦੀ ਹੈ।’ ਇਸ ਕਰ ਕੇ ਕਿਸਾਨ ਅੰਦੋਲਨ ਸਮਾਪਤ ਕਰ ਦੇਣ।
ਉਨ੍ਹਾਂ ਕਿਹਾ ਕਿ ਹਾਲਾਂਕਿ ਕਈ ਕਿਸਾਨ ਯੂਨੀਅਨਾਂ, ਅਰਥਸ਼ਾਸਤਰੀ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਪਰ ਕੁਝ ਕਿਸਾਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਨਾਲ 11 ਦੌਰ ਗੱਲਬਾਤ ਕੀਤੀ, ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ। ਕਿਸਾਨਾਂ ਦੇ ਮਨਾਂ ਵਿਚ ਕੋਈ ਅਸੰਤੁਸ਼ਟੀ ਨਹੀਂ ਹੈ। ਸਰਕਾਰ ਕਿਸਾਨ ਸੰਗਠਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।
ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਦਰਮਿਆਨ ਆਖਰੀ ਵਾਰ ਗੱਲਬਾਤ 22 ਜਨਵਰੀ ਨੂੰ ਹੋਈ ਸੀ। ਜਨਵਰੀ ਵਿਚ ਗਿਆਰ੍ਹਵੇਂ ਗੇੜ ਦੀ ਹੋਈ ਗੱਲਬਾਤ ਤੋਂ ਬਾਅਦ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਖੜੋਤ ਬਣੀ ਹੋਈ ਹੈ ਤੇ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।