ਨਵੀਂ ਦਿੱਲੀ- ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ (COVID-19 Case) ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਹੁਣ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 3000 ਤੋਂ ਵੱਧ ਹੋ ਗਈ ਹੈ, ਜੋ ਸਿਰਫ 9 ਦਿਨਾਂ ਵਿੱਚ ਦੁੱਗਣੀ ਹੋ ਗਈ ਹੈ। ਇਸ ਦੇ ਨਾਲ ਹੀ ਕੋਵਿਡ ਦੇ ਰੋਜ਼ਾਨਾ ਮਾਮਲਿਆਂ 'ਚ 40 ਫੀਸਦੀ ਦਾ ਉਛਾਲ ਦੇਖਿਆ ਗਿਆ ਹੈ। ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ, ਦੇਸ਼ ਦੇ ਕਈ ਰਾਜਾਂ ਨੇ ਮਾਮਲਿਆਂ ਨੂੰ ਕਾਬੂ ਵਿੱਚ ਰੱਖਣ ਲਈ ਰਣਨੀਤੀਆਂ 'ਤੇ ਕੰਮ ਕਰਨ ਲਈ ਮਹੱਤਵਪੂਰਨ ਮੀਟਿੰਗਾਂ ਕੀਤੀਆਂ ਹਨ। ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ 27 ਫਰਵਰੀ ਤੋਂ 26 ਮਾਰਚ ਤੱਕ ਦੱਖਣੀ ਪੂਰਬੀ ਏਸ਼ੀਆ ਖੇਤਰ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੁਝ ਦਿਨਾਂ ਤੱਕ ਇਸ ਸਬੰਧੀ ਕਈ ਅਹਿਮ ਮੀਟਿੰਗਾਂ ਕੀਤੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿੱਲੀ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ 'ਤੇ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟੈਸਟ ਵਿੱਚ ਕੋਵਿਡ-ਪਾਜ਼ਿਟਿਵ ਆਉਣ ਵਾਲੇ ਸਾਰੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਨਵੇਂ ਰੂਪ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਫਿਲਹਾਲ ਮਾਸਕ ਨੂੰ ਲੈ ਕੇ ਕੇਂਦਰ ਤੋਂ ਕੋਈ ਨਵੀਂ ਗਾਈਡਲਾਈਨ ਨਹੀਂ ਮਿਲੀ ਹੈ। ਜਿਵੇਂ ਹੀ ਕੋਈ ਦਿਸ਼ਾ-ਨਿਰਦੇਸ਼ ਪ੍ਰਾਪਤ ਹੋਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਹੈ ਨਵੇਂ ਵੈਰੀਐਂਟ ਦੇ ਲੱਛਣ
XBB.1.16 ਵੇਰੀਐਂਟ ਦੇ ਲੱਛਣ ਓਮਿਕਰੋਨ ਵੇਰੀਐਂਟ ਦੇ ਸਮਾਨ ਹਨ। ਇਨ੍ਹਾਂ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਤੱਕ ਤੇਜ਼ ਬੁਖਾਰ, ਖੰਘ, ਗਲੇ ਵਿੱਚ ਦਰਦ, ਗੰਭੀਰ ਸਿਰ ਦਰਦ, ਠੰਢ ਅਤੇ ਪੇਟ ਵਿੱਚ ਬੇਅਰਾਮੀ ਅਤੇ ਕਮਜ਼ੋਰੀ ਸ਼ਾਮਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Who, WHO guidelines