ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਵਿਚ ਕੋਰੋਨਾ ਵਾਇਰਸ ਅਤੇ ਫਲੂ (Coronavirus & Flu Cases) ਦੇ ਵਧ ਰਹੇ ਮਾਮਲਿਆਂ ਦੇ ਵਿਚਕਾਰ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿਚ ਲੋਕਾਂ ਨੂੰ ਕੋਵਿਡ ਲਈ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਮੰਤਰਾਲੇ ਨੇ ਲੋਕਾਂ ਨੂੰ ਭੀੜ ਅਤੇ ਬੰਦ ਥਾਵਾਂ ਉਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਛਿੱਕ ਜਾਂ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਢੱਕਣ ਲਈ ਰੁਮਾਲ/ਟਿਸ਼ੂ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਹੈ।
ਹੱਥਾਂ ਦੀ ਸਫਾਈ ਲਈ ਵਾਰ-ਵਾਰ ਸਾਬਣ ਜਾਂ ਹੈਂਡਵਾਸ਼ ਨਾਲ ਹੱਥ ਧੋਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਜਨਤਕ ਥਾਵਾਂ ਉਤੇ ਥੁੱਕਣ ਤੋਂ ਗੁਰੇਜ਼ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।
ਸਿਹਤ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਜਾਂਚ ਨੂੰ ਉਤਸ਼ਾਹਿਤ ਕਰਨ ਅਤੇ ਲੱਛਣਾਂ ਬਾਰੇ ਜਲਦੀ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਹੋਣ 'ਤੇ ਨਿੱਜੀ ਸੰਪਰਕ ਨੂੰ ਸੀਮਤ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।
ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ 10 ਅਤੇ 11 ਅਪ੍ਰੈਲ ਨੂੰ ਰਾਸ਼ਟਰੀ ਪੱਧਰ 'ਤੇ ਮੌਕ ਡਰਿੱਲ ਦਾ ਆਯੋਜਨ ਕੀਤਾ ਜਾਵੇਗਾ। ਮੌਕ ਡਰਿੱਲ ਵਿੱਚ ਆਈਸੀਯੂ ਬੈੱਡ, ਮੈਡੀਕਲ ਉਪਕਰਨ, ਆਕਸੀਜਨ ਅਤੇ ਮੈਨਪਾਵਰ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ।
ਸਿਹਤ ਮੰਤਰਾਲੇ ਨੇ ਰਾਜਾਂ ਨਾਲ 27 ਮਾਰਚ ਨੂੰ ਸ਼ਾਮ 4:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਮੌਕ ਡਰਿੱਲ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਦੱਸ ਦਈਏ ਕਿ ਸ਼ਨੀਵਾਰ ਨੂੰ ਭਾਰਤ ਵਿਚ ਕੋਵਿਡ-19 ਦੇ 1,590 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਪਿਛਲੇ 146 ਦਿਨਾਂ ਵਿੱਚ ਸਭ ਤੋਂ ਵੱਧ ਹਨ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 8,601 ਹੋ ਗਈ ਹੈ। ਸ਼ਨੀਵਾਰ ਸਵੇਰੇ ਅੱਠ ਵਜੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਤਿੰਨ ਅਤੇ ਕਰਨਾਟਕ, ਰਾਜਸਥਾਨ ਅਤੇ ਉੱਤਰਾਖੰਡ ਵਿੱਚ ਇੱਕ-ਇੱਕ ਮਰੀਜ਼ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,30,824 ਹੋ ਗਈ ਹੈ। ਮਾਮਲਿਆਂ ਵਿੱਚ ਵਾਧੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬੁੱਧਵਾਰ ਨੂੰ ਉੱਚ ਪੱਧਰੀ ਮੀਟਿੰਗ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਕੋਵਿਡ-19 ਅਜੇ ਖਤਮ ਨਹੀਂ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, China coronavirus, Corona, Corona vaccine, Corona Warriors, Coronavirus, Coronavirus Testing, Covid, Covid vaccine, COVID-19