
ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ 'ਚ ਦਾਇਰ ਕੀਤੀ ਨਵੀਂ ਪਟੀਸ਼ਨ, ਦੱਸੀ ਇਹ ਵਜ੍ਹਾ
ਚੰਡੀਗੜ੍ਹ : ਜੇਲ 'ਚ ਬੰਦ ਡੇਰਾ ਮੁਖੀ ਰਾਮ ਰਹੀਮ(Dera Mukhi Ram Rahim) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana high court) 'ਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਡੇਰਾ ਮੁਖੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਤੋਂ ਮੁੜ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਕਿਉਂਕਿ ਉਨ੍ਹਾਂ ਨੂੰ ਜ਼ਬਰਦਸਤੀ ਬੇਅਦਬੀ ਦੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਅਜਿਹੀ ਨਿਰਪੱਖ ਜਾਂਚ ਸਿਰਫ਼ ਸੀਬੀਆਈ ਹੀ ਕਰ ਸਕਦੀ ਹੈ। ਹਾਲਾਂਕਿ ਅਦਾਲਤ ਨੇ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਮਾਮਲੇ ਦੀ ਸੁਣਵਾਈ 21 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਦਾਇਰ ਪਟੀਸ਼ਨ 'ਚ ਡੇਰਾ ਮੁਖੀ ਨੇ ਕਿਹਾ ਹੈ ਕਿ ਬੇਅਦਬੀ ਮਾਮਲੇ 'ਚ ਦਰਜ ਐੱਫ.ਆਈ.ਆਰ. ਉੱਤੇ ਪੰਜਾਬ ਸਰਕਾਰ ਨੇ ਨਵੰਬਰ 2015 ਵਿੱਚ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ। ਪਰ ਬਾਅਦ ਵਿੱਚ ਜਿਵੇਂ ਹੀ ਸੂਬੇ ਵਿੱਚ ਸਰਕਾਰ ਬਦਲੀ ਤਾਂ ਇਸ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ। ਬਾਅਦ ਵਿੱਚ, ਅਗਸਤ 2018 ਵਿੱਚ, ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰਕੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਵਾਪਸ ਲੈ ਲਏ ਗਏ ਹਨ।
ਡੇਰਾ ਮੁਖੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਇੱਕ ਮੁਲਜ਼ਮ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਸਾਲ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਫਿਰ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਨੂੰ ਹਾਈਕੋਰਟ ਨੇ ਰੱਦ ਕਰਦਿਆਂ ਐਸ.ਆਈ.ਟੀ. ਨੂੰ ਸੋਨਾਰੀਆ ਜੇਲ੍ਹ ਵਿੱਚ ਜਾ ਕੇ ਪੁੱਛ-ਪੜਤਾਲ ਕਰਨ ਦਾ ਹੁਕਮ ਦਿੱਤਾ ਗਿਆ ਅਤੇ ਐੱਸ.ਆਈ.ਟੀ. ਵੱਲੋਂ ਪੁੱਛਗਿੱਛ ਕੀਤੀ ਗਈ। ਡੇਰਾ ਮੁਖੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਇਸ ਲਈ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।