ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਧੋਖਾਧੜੀ ਦੇ ਮਾਮਲੇ 'ਚ ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਕਾਰ ਡਿਜ਼ਾਈਨਰ ਦਿਲੀਪ ਛਾਬੜੀਆ (Dilip Chhabria) ਦੇ ਬੇਟੇ ਬੋਨਿਟੋ ਛਾਬੜੀਆ ਨੂੰ ਗ੍ਰਿਫਤਾਰ ਕੀਤਾ ਹੈ।
ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਦੁਆਰਾ ਬੋਨਿਟੋ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਅਧਿਕਾਰੀ ਨੇ ਦੱਸਿਆ ਕਿ ਸ਼ਰਮਾ ਨੇ ਪਿਛਲੇ ਸਾਲ ਮੁੰਬਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਦਿਲੀਪ ਛਾਬੜੀਆ ਅਤੇ ਹੋਰਨਾਂ ਨੇ ਉਸ ਨਾਲ 5.3 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਸ਼ਿਕਾਇਤ ਵਿੱਚ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਛਾਬੜੀਆ ਨੂੰ ਮਾਰਚ ਅਤੇ ਮਈ 2017 ਵਿੱਚ ਆਪਣੇ ਲਈ ਇੱਕ ਵੈਨਿਟੀ ਬੱਸ ਡਿਜ਼ਾਇਨ ਕਰਨ ਲਈ 5 ਕਰੋੜ ਰੁਪਏ ਦਿੱਤੇ ਸਨ, ਪਰ 2019 ਤੱਕ ਕੋਈ ਪ੍ਰਗਤੀ ਨਹੀਂ ਹੋਈ, ਜਿਸ ਤੋਂ ਬਾਅਦ ਸ਼ਰਮਾ ਨੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐਨਸੀਐਲਟੀ) ਕੋਲ ਪਹੁੰਚ ਕੀਤੀ।
ਹਾਲਾਂਕਿ, ਛਾਬੜੀਆ ਨੇ ਪਿਛਲੇ ਸਾਲ ਸ਼ਰਮਾ ਨੂੰ ਵੈਨਿਟੀ ਬੱਸ ਦੇ ਪਾਰਕਿੰਗ ਚਾਰਜ ਦੇ ਰੂਪ ਵਿੱਚ 1.20 ਕਰੋੜ ਰੁਪਏ ਦਾ ਬਿੱਲ ਭੇਜਿਆ ਸੀ, ਜਿਸ ਦੇ ਬਾਅਦ ਉਸ ਨੇ ਪੁਲਿਸ ਕੋਲ ਪਹੁੰਚ ਕੀਤੀ ਅਤੇ ਸ਼ਿਕਾਇਤ ਦਰਜ ਕਰਵਾਈ।
ਉਨ੍ਹਾਂ ਕਿਹਾ, "ਮਾਮਲੇ ਵਿੱਚ ਪੁੱਛਗਿੱਛ ਦੌਰਾਨ, ਬੋਨੀਟੋ ਛਾਬੜੀਆ ਦੀ ਭੂਮਿਕਾ ਸਾਹਮਣੇ ਆਈ। ਇਸ ਲਈ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਅਤੇ ਬਾਅਦ ਵਿੱਚ ਅਪਰਾਧ ਸ਼ਾਖਾ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।" ਪਿਛਲੇ ਸਾਲ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿਲੀਪ ਛਾਬੜੀਆ ਨੂੰ ਕਰੋੜਾਂ ਰੁਪਏ ਦੇ ਵਿੱਤੀ ਘੁਟਾਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Kapil sharma, The Kapil Sharma Show