ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ ਦੀ ਨਵੀਂ ਰਣਨੀਤੀ ਭਾਜਪਾ ਲਈ ਵੱਡੀ ਸਿਰਦਰਦੀ ਬਣਦੀ ਜਾਪ ਰਹੀ ਹੈ। ਖਾਸ ਕਰਕੇ ਚੋਣਾਂ ਵਾਲੇ ਸੂਬਿਆਂ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੀ ਪ੍ਰਚਾਰ ਮੁਹਿੰਮ ਭਾਜਪਾ ਨੂੰ ਵੱਡੀ ਢਾਹ ਲਾ ਸਕਦੀ ਹੈ।
ਜਥੇਬੰਦੀਆਂ ਨੇ ਪੱਛਮੀ ਬੰਗਾਲ ਦੇ ਨੰਦੀਗ੍ਰਾਮ ਅਤੇ ਰਾਜਧਾਨੀ ਕੋਲਕਾਤਾ ’ਚ ਮਹਾਪੰਚਾਇਤਾਂ ਕਰਕੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਵੋਟ ਨਾ ਪਾਉਣ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਹੋਈਆਂ ਮਹਾਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਦਾ ਇਰਾਦਾ ਕਿਸਾਨਾਂ ਅਤੇ ਉਨ੍ਹਾਂ ਦੇ ਅੰਦੋਲਨ ਨੂੰ ਕੁਚਲਣਾ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਲੁਟੇਰਿਆਂ ਦੀ ਸਰਕਾਰ ਕਰਾਰ ਦਿੱਤਾ ਅਤੇ ਕਿਹਾ ਕਿ ਜਦੋਂ ਕੰਪਨੀਆਂ ਸੰਸਦ ਚਲਾਉਣਗੀਆਂ ਤਾਂ ਅਜਿਹੀਆਂ ਸਰਕਾਰਾਂ ਗੱਲਬਾਤ ਨਹੀਂ ਕਰਦੀਆਂ, ਉਹ ਵਪਾਰ ਕਰਦੀਆਂ ਹਨ ਅਤੇ ਵਿਦੇਸ਼ੀ ਕੰਪਨੀਆਂ ਹਰ ਖੇਤਰ ਨੂੰ ਤਬਾਹ ਕਰ ਦੇਣਗੀਆਂ।
ਉਨ੍ਹਾਂ ਦੋਸ਼ ਲਾਇਆ ਕਿ ਰੇਲਗੱਡੀ ਦੇ ਰੂਟ ਤੱਕ ਵੇਚੇ ਜਾ ਚੁੱਕੇ ਹਨ ਅਤੇ ਕਰੋਨਾ ਦਾ ਤਾਂ ਐਵੇਂ ਹੀ ਬਹਾਨਾ ਲਾਇਆ ਜਾ ਰਿਹਾ ਹੈ। ਸਾਰਿਆਂ ਨੂੰ ਕੇਂਦਰ ਸਰਕਾਰ ਤੋਂ ਬਚਣ ਦੀ ਅਪੀਲ ਕਰਦਿਆਂ ਉਨ੍ਹਾਂ ਭਾਜਪਾ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ,‘‘ਕਿਸੇ ਨੂੰ ਵੀ ਵੋਟ ਪਾਓ ਪਰ ਭਾਜਪਾ ਨੂੰ ਜ਼ਰੂਰ ਹਰਾਓ।’’ ਉਨ੍ਹਾਂ ਕਿਹਾ ਕਿ ਭੁੱਖ ਦਾ ਵਪਾਰ ਰੋਕਣ ਲਈ ਰੋਟੀ ਨੂੰ ਤਿਜੋਰੀ ਵਿੱਚ ਬੰਦ ਨਾ ਹੋਣ ਦਿੱਤਾ ਜਾਵੇ।
ਇਸ ਦੌਰਾਨ ਨਰਮਦਾ ਬਚਾਓ ਅੰਦੋਲਨ ਦੀ ਮੁਖੀ ਮੇਧਾ ਪਾਟੇਕਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਹੱਕ ਤੋਂ ਵਾਂਝਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੰਦੀਗ੍ਰਾਮ ਦੇ ਲੋਕਾਂ ਨੂੰ ਭਾਜਪਾ ਖ਼ਿਲਾਫ਼ ਵੋਟਾਂ ਪਾ ਕੇ ਹੋਰਾਂ ਨੂੰ ਰਾਹ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਇਹ ਰਾਬਿੰਦਰਨਾਥ ਟੈਗੋਰ ਅਤੇ ਸੁਭਾਸ਼ ਚੰਦਰ ਬੋਸ ਵਰਗੀਆਂ ਮਹਾਨ ਹਸਤੀਆਂ ਦੀ ਧਰਤੀ ਹੈ। ਹੋਰ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਸਾਰੇ ਸੂਬਿਆਂ ਦੇ ਹਰ ਵਰਗਾਂ ਦੇ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kisan andolan, Rakesh Tikait BKU