
Jahangirpuri Violence: ਅਮਿਤ ਸ਼ਾਹ ਨੇ ਪੁਲਿਸ ਨੂੰ ਦਿੱਤੇ ਸਖਤ ਨਿਰਦੇਸ਼, ਜਹਾਂਗੀਰਪੁਰੀ ਹਿੰਸਾ 'ਚ ਸ਼ਾਮਲ ਲੋਕਾਂ ਖਿਲਾਫ ਹੋਵੇ ਕਾਰਵਾਈ
Jahangirpuri Violence : ਦਿੱਲੀ ਦੇ ਜਹਾਂਗੀਰਪੁਰੀ 'ਚ ਹੋਈ ਹਿੰਸਾ 'ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਇਕ ਮਿਸਾਲ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ। ਇਸ ਦੇ ਨਾਲ ਹੀ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਸੋਮਵਾਰ ਨੂੰ ਕਿਹਾ ਕਿ ਹਿੰਸਾ ਮਾਮਲੇ ਵਿੱਚ ਹੁਣ ਤੱਕ ਦੋ ਭਾਈਚਾਰਿਆਂ ਦੇ 23 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕ੍ਰਾਈਮ ਬ੍ਰਾਂਚ ਨੂੰ ਸੌਂਪੀ ਗਈ ਜਾਂਚ
ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਸ ਲਈ 14 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਉੱਤਰੀ ਪੱਛਮੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਇਲਾਕੇ 'ਚ ਦੰਗਾ ਵਿਰੋਧੀ ਫੋਰਸ ਦੇ ਜਵਾਨਾਂ ਸਮੇਤ ਵੱਡੀ ਗਿਣਤੀ 'ਚ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ 500 ਤੋਂ ਵੱਧ ਪੁਲਿਸ ਕਰਮਚਾਰੀ ਅਤੇ ਵਾਧੂ ਬਲਾਂ ਦੀਆਂ ਛੇ ਕੰਪਨੀਆਂ ਚੌਵੀ ਘੰਟੇ ਤਾਇਨਾਤ ਹਨ।
ਜਾਣੋ ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਫਰਵਰੀ 2020 ਦੇ ਦੰਗਿਆਂ ਤੋਂ ਬਾਅਦ ਦਿੱਲੀ ਵਿੱਚ ਪਹਿਲੀ ਵਾਰ ਫਿਰਕੂ ਹਾਲਾਤ ਦੇਖਣ ਨੂੰ ਮਿਲੇ ਹਨ। 16 ਅਪ੍ਰੈਲ ਨੂੰ ਸ਼ਹਿਰ ਦੇ ਜਹਾਂਗੀਰਪੁਰੀ ਖੇਤਰ ਵਿੱਚ ਹਨੂੰਮਾਨ ਜੈਅੰਤੀ ਦੇ ਜਲੂਸ ਦੌਰਾਨ ਪਥਰਾਅ ਅਤੇ ਝੜਪਾਂ ਕਾਰਨ 8 ਪੁਲਿਸ ਕਰਮਚਾਰੀ ਅਤੇ ਇੱਕ ਨਾਗਰਿਕ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਭਾਰੀ ਪੁਲਿਸ ਤਾਇਨਾਤ ਸੀ। ਪੈਦਲ ਅਤੇ ਮੋਟਰਸਾਈਕਲ ਗਸ਼ਤ ਦੇ ਨਾਲ-ਨਾਲ ਤਾਇਨਾਤੀ ਅਤੇ ਫਲੈਗ ਮਾਰਚ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਅੱਗੇ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਜਹਾਂਗੀਰਪੁਰੀ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 147, 148, 149, 186, 307, 323, 332, 353, 427, ਅਤੇ 436 ਅਤੇ ਅਸਲਾ ਐਕਟ ਦੀ ਧਾਰਾ 27 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇੱਕ ਮੁੱਖ ਘਟਨਾਕ੍ਰਮ ਵਿੱਚ, ਸੋਨੂੰ ਚਿਕਨਾ, ਜਿਸਦੀ ਜਹਾਂਗੀਰਪੁਰੀ ਵਿੱਚ ਹਨੂੰਮਾਨ ਜੈਅੰਤੀ 'ਤੇ ਸ਼ੋਭਾ ਯਾਤਰਾ ਦੇ ਜਲੂਸ ਦੌਰਾਨ ਗੋਲੀਬਾਰੀ ਦੀ ਕਥਿਤ ਵੀਡੀਓ ਸਾਹਮਣੇ ਆਈ ਸੀ, ਨੂੰ ਦਿੱਲੀ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਟੀਮ ਸੋਨੂੰ ਚਿਕਨਾ ਦੀ ਭਾਲ ਲਈ ਜਹਾਂਗੀਰਪੁਰੀ ਗਈ, ਉਸ ਦੇ ਪਰਿਵਾਰ ਅਤੇ ਗੁਆਂਢੀਆਂ ਨੇ ਟੀਮ 'ਤੇ ਪਥਰਾਅ ਕੀਤਾ।
ਅਧਿਕਾਰੀ ਨੇ ਦੱਸਿਆ ਕਿ ਕੁੱਲ 80 ਅੱਥਰੂ ਗੈਸ ਟੀਮਾਂ ਅਤੇ ਵਾਟਰ ਕੈਨਨ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੰਵੇਦਨਸ਼ੀਲ ਇਲਾਕਿਆਂ 'ਚ ਛੱਤਾਂ 'ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਵਿੱਚ ਕਿਹਾ, “ਅਸੀਂ ਨਾ ਸਿਰਫ਼ ਜਹਾਂਗੀਰਪੁਰੀ ਵਿੱਚ ਸਗੋਂ ਹੋਰ ਖੇਤਰਾਂ ਵਿੱਚ ਵੀ ਕਾਫ਼ੀ ਫੋਰਸ ਤਾਇਨਾਤ ਕੀਤੀ ਹੈ। ਅਸੀਂ ਨਿਗਰਾਨੀ ਲਈ ਤਕਨਾਲੋਜੀ ਦੀ ਵਰਤੋਂ ਕਰਾਂਗੇ ਅਤੇ ਇਹ ਯਕੀਨੀ ਬਣਾਉਣ ਲਈ ਸਥਿਤੀ ਦੀ ਨਿਗਰਾਨੀ ਕਰ ਰਹੇ ਹਾਂ ਕਿ ਭਵਿੱਖ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਲਾਕੇ ਵਿੱਚ ਤਾਇਨਾਤੀ ਬਾਰੇ ਪੁੱਛੇ ਜਾਣ ’ਤੇ ਅਸਥਾਨਾ ਨੇ ਕਿਹਾ ਕਿ ਜਦੋਂ ਤੱਕ ਹਾਲਾਤ ਆਮ ਵਾਂਗ ਨਹੀਂ ਹੋ ਜਾਂਦੇ, ਉਦੋਂ ਤੱਕ ਜਹਾਂਗੀਰਪੁਰੀ ਸਮੇਤ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਕਵਾਇਦ ਜਾਰੀ ਰਹੇਗੀ।
ਇਸ ਦੌਰਾਨ ਦਿੱਲੀ ਦੀ ਇੱਕ ਅਦਾਲਤ ਨੇ ਜਹਾਂਗੀਰਪੁਰੀ ਹਿੰਸਾ ਮਾਮਲੇ ਦੇ ਦੋ ਮੁੱਖ ਮੁਲਜ਼ਮਾਂ ਅੰਸਾਰ ਅਤੇ ਅਸਲਮ ਦੀ ਪੁਲਿਸ ਰਿਮਾਂਡ ਦੋ ਦਿਨਾਂ ਲਈ ਵਧਾ ਦਿੱਤੀ ਹੈ। 4 ਹੋਰ ਜਿਨ੍ਹਾਂ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। 12 ਹੋਰਾਂ ਨੂੰ ਐਤਵਾਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਨਾਲ ਨਵੀਂ ਦਿੱਲੀ ਵਿੱਚ 15 ਅਪ੍ਰੈਲ ਦੀ ਹਿੰਸਾ ਦੇ ਸਬੰਧ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਲੋਕਾਂ ਦੀ ਗਿਣਤੀ 16 ਹੋ ਗਈ ਹੈ।
ਇਸ ਸਮੇਂ ਪੂਰੇ ਇਲਾਕੇ ਵਿੱਚ ਬੈਰੀਅਰ ਲਗਾ ਦਿੱਤੇ ਗਏ ਹਨ ਅਤੇ ਪੁਲਿਸ ਲੋਕਾਂ ਨੂੰ ਦੂਜੇ ਰਸਤਿਆਂ ਤੋਂ ਲੰਘਣ ਲਈ ਕਹਿ ਰਹੀ ਹੈ। ਪੁਲੀਸ ਨੇ ਨਾਕਾਬੰਦੀਆਂ ਦੇ ਨੇੜੇ ਟੈਂਟ ਵੀ ਲਾਏ ਹੋਏ ਹਨ। ਮਸਜਿਦ ਤੋਂ 200 ਮੀਟਰ ਦੀ ਦੂਰੀ 'ਤੇ ਸਥਿਤ ਜੀ ਬਲਾਕ 'ਚ ਕੁਝ ਦੁਕਾਨਾਂ ਖੁੱਲ੍ਹੀਆਂ ਦੇਖੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਜਹਾਂਗੀਰਪੁਰੀ 'ਚ ਹਨੂੰਮਾਨ ਜੈਅੰਤੀ 'ਤੇ ਕੱਢੇ ਗਏ ਜਲੂਸ ਦੌਰਾਨ ਦੋ ਫਿਰਕਿਆਂ ਦੇ ਲੋਕਾਂ ਵਿਚਾਲੇ ਝੜਪ ਹੋ ਗਈ ਸੀ, ਜਿਸ 'ਚ ਇਕ ਸਥਾਨਕ ਵਿਅਕਤੀ ਅਤੇ 8 ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।