ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਭਾਜਪਾ ਨੇਤਾ ਅਤੇ ਉਨ੍ਹਾਂ ਦੀ ਪਤਨੀ 'ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਘਟਨਾ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਦੋਵਾਂ ਦੀ ਮੌਤ ਹੋ ਗਈ। ਅੱਤਵਾਦੀਆਂ ਨੇ ਇਸ ਘਟਨਾ ਨੂੰ ਸ਼ਹਿਰ ਦੇ ਲਾਲ ਚੌਕ 'ਤੇ ਅੰਜਾਮ ਦਿੱਤਾ।
ਅੱਤਵਾਦੀਆਂ ਨੇ ਕੁਲਗਾਮ ਬੀਜੇਪੀ ਕਿਸਾਨ ਮੋਰਚਾ ਦੇ ਪ੍ਰਧਾਨ ਗੁਲਾਮ ਰਸੂਲ ਡਾਰ ਨੂੰ ਨਿਸ਼ਾਨਾ ਬਣਾਇਆ। ਪਾਰਟੀ ਨੇਤਾ 'ਤੇ ਅੱਤਵਾਦੀ ਹਮਲੇ ਤੋਂ ਬਾਅਦ ਭਾਜਪਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਜੰਮੂ -ਕਸ਼ਮੀਰ ਦੇ ਭਾਜਪਾ ਨੇਤਾ ਅਲਤਾਫ ਠਾਕੁਰ ਨੇ ਅੱਤਵਾਦੀ ਹਮਲੇ 'ਚ ਗੁਲਾਮ ਰਸੂਲ ਡਾਰ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਰਸੂਲ ਡਾਰ ਭਾਜਪਾ ਦਾ ਅਹੁਦੇਦਾਰ ਹੋਣ ਦੇ ਨਾਲ ਸਰਪੰਚ ਵੀ ਸੀ। ਉਹ ਕੁਝ ਦਿਨ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ ਸਨ।
ਰਾਜ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਤਵਾਦੀ ਹਮਲੇ 'ਚ ਭਾਜਪਾ ਨੇਤਾ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਉਪ ਰਾਜਪਾਲ ਨੇ ਘਟਨਾ ਤੋਂ ਬਾਅਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਇਸ ਅੱਤਵਾਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਤਣਾਅ ਪੈਦਾ ਹੋ ਗਿਆ ਹੈ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਹਮਲੇ ਨੂੰ ਰਾਜ ਵਿੱਚ ਧਾਰਾ 370 ਹਟਾਏ ਜਾਣ ਦੀ ਦੂਜੀ ਵਰ੍ਹੇਗੰਢ ਨਾਲ ਵੀ ਜੋੜਿਆ ਜਾ ਰਿਹਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attack, Jammu and kashmir, Terrorist