ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਕਿਸਾਨਾਂ ਉਤੇ ਹੋਏ ਲਾਠੀਚਾਰਜ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਖੱਟਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਲਾਠੀਚਾਰਜ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ ਮਿਲਣ ਹਸਪਤਾਲ ਪਹੁੰਚੇ।
ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਤਾਲਿਬਾਨੀ ਸਰਕਾਰ ਦੱਸਿਆ। ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਇਸ ਲਾਠੀਚਾਰਜ ਦਾ ਖਮਿਆਜ਼ਾ ਭੁਗਤਣਾ ਪਵੇਗਾ। ਕੱਲ੍ਹ ਕਰਨਾਲ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।
ਦੱਸ ਦਈਏ ਕਿ ਹਰਿਆਣਾ ਪੁਲਿਸ ਨੇ ਸ਼ਨੀਵਾਰ ਨੂੰ ਕਰਨਾਲ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਸੀ। ਪੁਲਿਸ ਨੇ ਕਈ ਕਿਸਾਨਾਂ ਨੂੰ ਭਜਾ-ਭਜਾ ਕੇ ਕੁੱਟਿਆ। ਘਟਨਾ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਜਿਨ੍ਹਾਂ ਵਿੱਚ ਪੁਲਿਸ ਕਿਸਾਨਾਂ 'ਤੇ ਅੰਨ੍ਹੇਵਾਹ ਲਾਠੀਆਂ ਵਰ੍ਹਾਉਂਂਦੀ ਨਜ਼ਰ ਆ ਰਹੀ ਹੈ। ਲਾਠੀਚਾਰਜ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ। ਕਈਆਂ ਦੇ ਸਿਰ ਪਾਟ ਗਏ ਹਨ।
ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਹਰਿਆਣਾ ਦੇ ਕਾਂਗਰਸ ਮਾਮਲਿਆਂ ਦੇ ਇੰਚਾਰਜ ਵਿਵੇਕ ਬਾਂਸਲ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸ਼ੈਲਜਾ ਨੇ ਇਸ ਨੂੰ ਅਣਮਨੁੱਖੀ ਅਤੇ ਗੈਰ-ਜਮਹੂਰੀ ਕਰਾਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।