ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਕੋਰੀਡੋਰ (ਲਾਂਘਾ) ਖੋਲ੍ਹੇ ਜਾਣ ਨੂੰ ਲੈ ਕੇ ਭਾਰਤ ਦਾ ਵੱਡਾ ਬਿਆਨ ਆਇਆ ਹੈ। ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਅਜੇ ਇਹ ਨਹੀਂ ਖੋਲ੍ਹਿਆ ਜਾਵੇਗਾ।
ਦੱਸਣਾ ਬਣਦਾ ਹੈ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਮੰਗ ਕੀਤੀ ਗਈ ਹੈ। ਇਥੋਂ ਤੱਕ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।
ਵੀਰਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀਆਂ ਕਿਆਸਰਾਈਆਂ ਦੇ ਸਵਾਲ 'ਤੇ ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਆਇਆ ਹੈ। ਦੱਸਣਾ ਬਣਦਾ ਹੈ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਮਾਰਚ 2020 ਤੋਂ ਕੋਰੋਨਾ ਖਤਰੇ ਦੇ ਮੱਦੇਨਜ਼ਰ ਬੰਦ ਹੈ।
ਇਸਤੋਂ ਇਲਾਵਾ ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।
ਭਾਰਤ-ਪਾਕਿ ਦੋਵੇਂ ਦੇਸ਼ਾਂ ਵਿਚਕਾਰ ਜ਼ਮੀਨੀ ਰਸਤੇ ਰਾਹੀਂ ਬਹੁਤ ਹੀ ਸੀਮਤ ਆਵਾਜਾਈ ਅਟਾਰੀ-ਵਾਹਘਾ ਸਰਹੱਦ ਚੈਕ ਪੁਆਇੰਟ ਰਾਹੀਂ ਹੀ ਹੋ ਰਹੀ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 1500 ਤੀਰਥ ਯਾਤਰੀਆਂ ਦਾ ਇੱਕ ਜੱਥਾ 17 ਤੋਂ 26 ਨਵੰਬਰ ਤੱਕ ਪਾਕਿਸਤਾਨ ਜਾ ਰਿਹਾ ਹੈ, ਪਰ ਇਹ ਯਾਤਰਾ ਅਟਾਰੀ-ਵਾਹਘਾ ਚੈਕ ਪੁਆਇੰਟ ਤੋਂ ਹੀ ਹੋਵੇਗੀ।
ਇਸ ਦੌਰਾਨ ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਦੇਹਰਾ ਸਾਹਿਬ, ਕਰਤਾਰਪੁਰ ਸਾਹਿਬ ਸਣੇ 6 ਧਾਰਮਿਕ ਸਥਾਨਾਂ ਦੀ ਯਾਤਰਾ ਕਰੇਗਾ। ਇਹ ਯਾਤਰਾ 1974 ਦੇ ਤੀਰਥ ਯਾਤਰਾ ਪ੍ਰੋਟੋਕੋਲ ਤਹਿਤ ਹੋਵੇਗੀ।
ਹਾਲਾਂਕਿ ਇਸਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਜੂਨ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਸ਼ਰਧਾਲੂਆਂ ਨੂੰ ਮਨਜੂਰੀ ਨਹੀਂ ਦਿੱਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Gurdwara Kartarpur Sahib, Gurpurab, Guru Nanak Dev, Kartarpur Corridor, Kartarpur Langha, Modi government