ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਤਿਕੁਨੀਆ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ। ਹੁਣ ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਸਤੀਫਾ ਨਹੀਂ ਦਿੰਦੇ ਤਾਂ ਉਹ ਇੱਥੋਂ ਹੀ ਅੰਦੋਲਨ ਦਾ ਐਲਾਨ ਕਰਨਗੇ।
ਉਨ੍ਹਾਂ ਕਿਹਾ ਕਿ ਲਖਨਊ ਵਿੱਚ ਇੱਕ ਵੱਡੀ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਉਸ ਤੋਂ ਬਾਅਦ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਦੇਸ਼ ਦੇ ਹਰ ਜ਼ਿਲ੍ਹੇ ਵਿਚ ਜਾਣਗੀਆਂ ਅਤੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਅਸਥੀਆਂ ਨੂੰ 24 ਅਕਤੂਬਰ ਨੂੰ ਪ੍ਰਵਾਹ ਕੀਤਾ ਜਾਵੇਗਾ। ਇਸ ਤੋਂ ਬਾਅਦ ਸਾਰੇ ਲੋਕ 26 ਤਰੀਕ ਨੂੰ ਲਖਨਊ ਪਹੁੰਚਣਗੇ।
ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਅਤੇ ਯੂਪੀ ਇੰਚਾਰਜ ਪ੍ਰਿਯੰਕਾ ਗਾਂਧੀ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਪੁੱਛਿਆ ਕਿ ਜੇਕਰ ਪੁੱਤਰ ਨੂੰ ਕਿਸਾਨਾਂ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਕੀ ਮੰਤਰੀ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਅਧਿਕਾਰ ਹੈ?
ਪ੍ਰਿਅੰਕਾ ਨੇ ਕਿਹਾ ਕਿ ਨਿਰਪੱਖ ਜਾਂਚ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖਾਸਤਗੀ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਿਯੰਕਾ ਗਾਂਧੀ ਨੇ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰਦਿਆਂ ਲਖਨਊ ਵਿੱਚ ਮੌਨ ਵਰਤ ਧਾਰਨ ਕੀਤਾ ਸੀ। ਪ੍ਰਿਯੰਕਾ ਦੇ ਨਾਲ ਲਖਨਊ ਦੇ ਕਈ ਵੱਡੇ ਨੇਤਾਵਾਂ ਅਤੇ ਸੈਂਕੜੇ ਵਰਕਰਾਂ ਨੇ ਵੀ ਇੱਥੇ ਧਰਨਾ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।