
ਲਖੀਮਪੁਰ ਹਿੰਸਾ ਬਾਰੇ ਵੱਡਾ ਖੁਲਾਸਾ: ਮੰਤਰੀ ਦੇ ਮੁੰਡੇ ਆਸ਼ੀਸ਼ ਤੇ ਅੰਕਿਤ ਦੇ ਹੱਥਿਆਰਾਂ ਵਿਚੋਂ ਚੱਲੀਆਂ ਸਨ ਗੋਲੀਆਂ (ਫਾਇਲ ਫੋਟੋ)
ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਬਾਰੇ ਫੋਰੈਂਸਿਕ ਲੈਬ ਦੀ ਰਿਪੋਰਟ (FSL Report) ਵਿੱਚ ਵੱਡਾ ਖੁਲਾਸਾ ਹੋਇਆ ਹੈ। ਮੁਲਜ਼ਮਾਂ ਦੇ ਹਥਿਆਰਾਂ ਦੀ ਬੈਲਿਸਟਿਕ ਜਾਂਚ ਵਿਚ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਕਿਸਾਨਾਂ ਨੂੰ ਕੁਚਲਣ ਤੋਂ ਬਾਅਦ ਹੋਈ ਹਿੰਸਾ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ ਸਨ।
ਮੁਲਜ਼ਮਾਂ ਕੋਲੋਂ ਬਰਾਮਦ ਹੋਈ ਲਾਇਸੈਂਸੀ ਰਾਈਫਲ, ਪਿਸਤੌਲ ਅਤੇ ਰੀਪੀਟਰ ਗੰਨ ਦੀ ਬੈਲਿਸਟਿਕ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ। ਹਾਲਾਂਕਿ ਮ੍ਰਿਤਕਾਂ ਦੀ ਪੋਸਟਮਾਰਟਮ ਰਿਪੋਰਟ 'ਚ ਗੋਲੀ ਲੱਗਣ ਦੀ ਗੱਲ ਸਾਹਮਣੇ ਨਹੀਂ ਆਈ ਸੀ।
ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਅੰਕਿਤ ਦਾਸ ਅਤੇ ਗਨਰ ਦੇ ਹਥਿਆਰਾਂ ਦੀ ਜਾਂਚ ਲਈ ਫੋਰੈਂਸਿਕ ਲੈਬ ਨੂੰ ਭੇਜਿਆ ਸੀ। ਜਿਸ ਦੀ ਰਿਪੋਰਟ ਆ ਚੁੱਕੀ ਹੈ।
ਰਿਪੋਰਟ ਵਿਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਆਸ਼ੀਸ਼ ਮਿਸ਼ਰਾ ਦੀ ਰਾਈਫਲ, ਅੰਕਿਤ ਦਾਸ ਦੀ ਪਿਸਤੌਲ ਅਤੇ ਉਸ ਦੇ ਗਨਰ ਦੀ ਰੀਪੀਟਰ ਬੰਦੂਕ ਤੋਂ ਫਾਇਰਿੰਗ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ਤੋਂ ਫਰਾਰ ਹੁੰਦੇ ਹੋਏ ਲਾਇਸੰਸੀ ਹਥਿਆਰਾਂ ਨਾਲ ਫਾਇਰਿੰਗ ਕਰ ਰਹੇ ਸਨ।
ਦੱਸਣਯੋਗ ਹੈ ਕਿ 3 ਅਕਤੂਬਰ ਨੂੰ ਇਲਾਕੇ 'ਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਗੱਡੀਆਂ ਚੜ੍ਹਾ ਦਿੱਤੀਆਂ ਸਨ। ਇਸ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਭੜਕੀ ਹਿੰਸਾ ਵਿੱਚ ਚਾਰ ਹੋਰ ਲੋਕਾਂ ਨੂੰ ਵੀ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਸੁਮਿਤ ਜੈਸਵਾਲ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।