ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੇ ਜਾਣ ਸਣੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਟਿਕੈਤ ਨੇ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਇਕ ਸਾਲ ਤੋਂ ਜਾਰੀ ਪ੍ਰਦਰਸ਼ਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਪ੍ਰਦਰਸ਼ਨ ਵਿਚ 750 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਅਤੇ ਭਾਰਤੀ ਜਨਤਾ ਪਾਰਟੀ ਕਿਸਾਨ ਵਿਰੋਧੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਇਸ ਮਸਲੇ ਨੂੰ ਸੁਲਝਾਉਣ ਲਈ ਗੱਲਬਾਤ ਕਰਨ ਵਾਸਤੇ ਤਿਆਰ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਦੀ ਭਾਜਪਾ ਸਰਕਾਰ ਸਿਰਫ਼ ਉਦਯੋਗਪਤੀਆਂ ਦਾ ਪੱਖ ਪੂਰਦੀ ਹੈ।
ਇਹ ਸਾਬਤ ਹੋ ਰਿਹਾ ਹੈ ਕਿ ਕਿਸਾਨਾਂ ਦੀ ਫਸਲ ਲੁੱਟਣ ਦਾ ਸਾਰਾ ਪ੍ਰੋਗਰਾਮ ਬਣਾਇਆ ਗਿਆ ਹੈ। ਕਿਸਾਨਾਂ ਨੂੰ ਗਰੀਬ ਬਣਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਕਿਸਾਨ ਆਗੂ ਨੇ ਅੱਗੇ ਕਿਹਾ ਕਿ ਬ੍ਰਿਟਿਸ਼ ਸਰਕਾਰਾਂ ਵੀ ਪਹਿਲਾਂ ਗੱਲਾਂ ਕਰਦੀਆਂ ਸਨ ਅਤੇ ਇਸ ਦਾ ਹੱਲ ਲੱਭਦੀਆਂ ਸਨ।
ਇਹ ਸਰਕਾਰ ਬ੍ਰਿਟਿਸ਼ ਸ਼ਾਸਨ ਨਾਲੋਂ ਵਧੇਰੇ ਖਤਰਨਾਕ ਹੈ। ਸਰਕਾਰ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀ ਹੈ। ਕਿਸਾਨ ਅੰਦੋਲਨ 'ਤੇ ਕਈ ਦੋਸ਼ ਲਗਾਏ ਗਏ ਹਨ। ਪਿਛਲੇ ਸਾਲ ਸਤੰਬਰ ਵਿੱਚ ਖੇਤੀਬਾੜੀ ਕਾਨੂੰਨ ਬਣਨ ਤੋਂ ਬਾਅਦ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।