ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣੀ ਪਵੇਗੀ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕਮੀ ਨੂੰ ਲੈ ਕੇ ਕੇਂਦਰੀ ਜਾਂਚ ਕਰਵਾਈ ਜਾਵੇਗੀ। ਇਸ ਦੇ ਲਈ ਗ੍ਰਹਿ ਮੰਤਰਾਲੇ ਨੇ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਤਿੰਨ ਮੈਂਬਰੀ ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਕਰੇਗੀ। ਇਹ ਕਮੇਟੀ ਜਲਦੀ ਤੋਂ ਜਲਦੀ ਰਿਪੋਰਟ ਸੌਂਪੇਗੀ। ਪੰਜਾਬ ਦੇ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ 'ਗੰਭੀਰ ਲਾਪਰਵਾਹੀ' ਦੀ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ 'ਚ ਜਿਸ ਸੜਕ ਤੋਂ ਉਨ੍ਹਾਂ ਨੇ ਲੰਘਣਾ ਸੀ, ਉਸ ਨੂੰ ਰੋਕ ਦਿੱਤਾ ਸੀ। ਇਸ ਕਾਰਨ ਪ੍ਰਧਾਨ ਮੰਤਰੀ ਕਰੀਬ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਬਿਨਾਂ ਕਿਸੇ ਪ੍ਰੋਗਰਾਮ 'ਚ ਸ਼ਾਮਲ ਹੋਏ ਦਿੱਲੀ ਪਰਤ ਗਏ।
ਕੇਂਦਰ ਸਰਕਾਰ ਨੇ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਰਿਪੋਰਟ ਤਲਬ ਕੀਤੀ ਹੈ। ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਹੀਂ ਹੋਈ ਅਤੇ ਇਸ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪ੍ਰਧਾਨ ਮੰਤਰੀ ਦੇ ਕਾਰਜਕ੍ਰਮ ਵਿੱਚ ਅਚਾਨਕ ਤਬਦੀਲੀ ਕਾਰਨ ਵਾਪਰੀ ਹੈ ਅਤੇ ਅਜਿਹੀ ਕੋਈ ਸਥਿਤੀ ਨਹੀਂ ਸੀ, ਜਿਸ ਨਾਲ ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰਾ ਹੋਵੇ।
Ministry of Home Affairs(MHA) has constituted a committee to enquire into the serious lapses in the security arrangements during Hon'ble Prime Minister Shri Narendra Modi’s visit to Ferozepur, Punjab on 05.01.2022,which led to the exposure of the VVIP to grave security risk.
— Spokesperson, Ministry of Home Affairs (@PIBHomeAffairs) January 6, 2022
ਮੁੱਖ ਮੰਤਰੀ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ। ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਤਿੰਨ ਦਿਨਾਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਚੰਨੀ ਨੇ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰ ਨੂੰ ਤੁਰੰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਨੇ ਲੋੜੀਂਦੀ ਤਾਇਨਾਤੀ ਨੂੰ ਯਕੀਨੀ ਨਹੀਂ ਬਣਾਇਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਨਾਬਰਦਾਸ਼ਤਯੋਗ ਹੈ। ਇਸ ਲਈ ਜਵਾਬਦੇਹੀ ਤੈਅ ਕੀਤੀ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Ferozepur, Indian government, Modi government, PM, Punjab government