ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ ਪੰਜਾਬ ਦੀ ਫੇਰੀ ’ਤੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪੀ.ਐੱਮ. ਮੋਦੀ 5 ਨਵੰਬਰ ਨੂੰ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਜਾ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪੰਜਾਬ ਫੇਰੀ ਸੂਬੇ ਦੀ ਸਿਆਸਤ ਲਈ ਅਹਿਮ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਹਿਲਾਂ ਵੀ ਇੱਕ ਵਾਰ ਮੁਲਾਕਾਤ ਕਰ ਚੁੱਕੇ ਹਨ। ਇਸੇ ਸਾਲ 13 ਫਰਵਰੀ ਨੂੰ ਡੇਰਾ ਮੁਖੀ ਅਤੇ ਪ੍ਰਧਾਨ ਮੰਤਰੀ ਵਿਚਾਲੇ ਮੁਲਾਕਾਤ ਹੋਈ ਸੀ ਅਤੇ ਪੀ.ਐੱਮ. ਮੋਦੀ ਨੇ ਡੇਰੇ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਸੀ। ਪੰਜਾਬ ਵਿੱਚ ਇਸ ਡੇਰੇ ਦੇ ਬਹੁਤ ਸਾਰੇ ਸ਼ਰਧਾਲੂ ਹਨ ਅਤੇ ਇਸ ਕਰ ਕੇ ਇਹ ਮੁਲਾਕਾਤ ਸੂਬੇ ਦੀ ਸਿਆਸਤ ਲਈ ਬਹੁਤ ਅਹਿਮ ਮੰਨੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰਿਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਦਰਅਸਲ 14 ਫਰਵਰੀ ਨੂੰ ਉਹ ਜਲੰਧਰ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਪੰਜਾਬ ਦੌਰੇ ਉੱਤੇ ਆਏ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਮੋਦੀ ਪੰਜਾਬ ਦਾ ਇੱਕ ਦੌਰਾ ਕਰ ਚੁੱਕੇ ਹਨ। ਉਹ 24 ਅਗਸਤ ਨੂੰ ਮੋਹਾਲੀ ’ਚ ਹੋਮੀ ਭਾਬਾ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਦੇ ਲਈ ਇੱਥੇ ਆਏ ਸਨ।
ਦੂਜੇ ਪਾਸੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਸੀ। ਉਹ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ ਜਿਸ ਤੋਂ ਬਾਅਦ ਦੋਵਾਂ ਵਿਚਾਲੇ ਇਕ ਬੰਦ ਕਮਰਾ ਮੁਲਾਕਾਤ ਹੋਈ ਸੀ, ਜੋ ਇਕ ਘੰਟਾ ਚੱਲੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, BJP, Congress, Dera Beas, Narendra modi, Prime Minister, Punjab, RSSB chief Gurinder Singh Dhillon, Visit