ਹਰਿਆਣੇ ਦੇ ਰੇਵਾੜੀ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਰੇਵਾੜੀ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਰੇਵਾੜੀ ਜ਼ਿਲ੍ਹੇ ਦੇ ਪਿੰਡ ਰਤਨਥਲ ਦਾ ਇਕ ਪਰਿਵਾਰ ਈਕੋ ਕਾਰ 'ਚ ਸਵਾਰ ਹੋ ਕੇ ਬਾਵਾ ਪਿੰਡ 'ਚ ਵਿਆਹ ਸਮਾਗਮ 'ਚ ਗਿਆ ਹੋਇਆ ਸੀ। ਇਹ ਪਰਿਵਾਰ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਪਿੰਡ ਆ ਰਿਹਾ ਸੀ ਕਿ ਕੋਸਲੀ-ਕਨੀਨਾ ਰੋਡ ਉਤੇ ਸਥਿਤ ਪਿੰਡ ਗੁਜਰੀਵਾਸ ਨੇੜੇ ਸਾਹਮਣਿਓਂ ਆ ਰਹੀ ਤੇਜ਼ ਰਫਤਾਰ ਐਸੈਂਟ ਕਾਰ ਨੇ ਈਕੋ ਕਾਰ ਨੂੰ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਈਕੋ ਅਤੇ ਐਸੈਂਟ ਦੇ ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।
ਇਸ ਹਾਦਸੇ 'ਚ ਤਿੰਨ ਬੱਚਿਆਂ ਸਮੇਤ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾਗ੍ਰਸਤ ਵਾਹਨਾਂ ਦੀਆਂ ਤਸਵੀਰਾਂ ਦੇਖ ਕੇ ਤੁਸੀਂ ਸਮਝ ਸਕਦੇ ਹੋ ਕਿ ਹਾਦਸਾ ਕਿੰਨਾ ਭਿਆਨਕ ਹੋਇਆ ਹੋਵੇਗਾ। ਕਾਰ ਦੇ ਪਰਖੱਚੇ ਉੱਡ ਗਏ। ਮਾਮਲੇ 'ਚ ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦਾ ਕਾਰਨ ਕੀ ਸੀ, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਫਿਲਹਾਲ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident