ਹਿਮਾਚਲ ਪ੍ਰਦੇਸ਼ ਦੀ ਨਵਨਿਯੁਕਤ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਕਗਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਹਿਮਾਚਲ ਕੈਬਿਨੇਟ ਦੀ ਮੀਟਿੰਗ ਵਿੱਚ ਇਸ ਫੈਸਲੇ ’ਤੇ ਮੁਹਰ ਲਾਈ ਗਈ ਹੈ ।ਹਿਮਾਚਲ ਦੀ ਕਾਂਗਰਸ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਕੀਤਾ ਹੈ।ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮਾਂ ਦੀ ਚੋਣਾਂ ਦੌਰਾਨ ਸਭ ਤੋਂ ਵੱਡੀ ਮੰਗ ਇਹੀ ਸੀ, ਜਿਸ ਨੂੰ ਪੂਰਾ ਕਰਨ ਦਾ ਕਾਂਗਰਸ ਦੇ ਲੀਡਰਾਂ ਨੇੇ ਵਾਅਦਾ ਕੀਤਾ ਸੀ।
ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਦੌਰਾਨ ਸਾਰੇ ਕਾਂਗਰਸੀ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਪ੍ਰਿਅੰਕਾ ਗਾਂਧੀ ਤੋਂ ਲੈ ਕੇ ਹਿਮਾਚਲ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਗੱਲ ਕਹੀ ਸੀ। ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਇਸ ਮੁੱਦੇ ਨੂੰ ਲੈ ਕੇ ਕਾਫੀ ਸਿਆਸਤ ਹੋਈ। ਉਂਝ, ਕਾਂਗਰਸ ਵੱਲੋਂ ਚੋਣ ਪ੍ਰਚਾਰ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਵਾਅਦੇ ਨੇ ਭਾਜਪਾ ਨੂੰ ਘੇਰ ਲਿਆ ਅਤੇ ਭਾਜਪਾ ਨੂੰ ਸੱਤਾ ਗੁਆਉਣੀ ਪਈ ਸੀ।
ਜੇ ਹਿਮਾਚਲ ਪ੍ਰਦੇਸ਼ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਰਕਾਰੀ ਮੁਲਾਜ਼ਮਾਂ ਦੀ ਗਿਣਤੀ 2.75 ਲੱਖ ਦੇ ਕਰੀਬ ਹੈ। ਅੰਕੜਿਆਂ ਦੇ ਮੁਤਾਬਕ ਇਨ੍ਹਾਂ ਵਿੱਚੋਂ ਕਰੀਬ ਡੇਢ ਲੱਖ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਹਨ। ਦੱਸ ਦੇਈਏ ਕਿ ਓਲਡ ਪੈਨਸ਼ਨ ਸਕੀਮ ਵਿੱਚ ਪੈਨਸ਼ਨਰਾਂ ਨੂੰ ਕਰਮਚਾਰੀਆਂ ਦੇ ਤੌਰ 'ਤੇ ਅੰਤ ਵਿੱਚ ਕੱਢੀ ਗਈ ਤਨਖਾਹ ਦਾ ਸਿਰਫ 50 ਫੀਸਦੀ ਹੀ ਮਿਲਦਾ ਹੈ। ਇਸ ਦੇ ਉਲਟ, ਅੱੈਨਪੀਐੱਸ ਇੱਕ ਯੋਗਦਾਨੀ ਯੋਜਨਾ ਹੈ, ਜਿਸ ਵਿੱਚ ਕਰਮਚਾਰੀਆਂ ਨੂੰ ਆਪਣੀ ਤਨਖਾਹ ਦਾ 10 ਪ੍ਰਤੀਸ਼ਤ ਯੋਗਦਾਨ ਦੇਣਾ ਪੈਂਦਾ ਹੈ। ਸਰਕਾਰ ਕਰਮਚਾਰੀ ਦੇ ਅੱੈਨਪੀਐੱਸ ਖਾਤੇ ਵਿੱਚ 14 ਫੀਸਦੀ ਯੋਗਦਾਨ ਪਾਉਂਦੀ ਹੈ ।
ਹਿਮਾਚਲ ਪ੍ਰਦੇਸ਼ ਦੇ ਵਿੱਚ ਸਾਲ 2003 ਤੋਂ ਪਹਿਲਾਂ ਨਿਯੁਕਤ ਕੀਤੇ 1,90,000 ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਬਾਅਦ ਨਿਯੁਕਤ ਕੀਤੇ ਗਏ ਸਾਰੇ ਕਰਮਚਾਰੀਆਂ ਨੂੰ ਅੱੈਨਪੀਐੱਸ ਦੇ ਤਹਿਤ ਹੀ ਪੈਨਸ਼ਨ ਮਿਲੇਗੀ। ਹਿਮਾਚਲ ਪ੍ਰਦੇਸ਼ ਤੋਂ ਪਹਿਲਾਂ ਛੱਤੀਸਗੜ੍ਹ ਅਤੇ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਵੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਗੱਲ ਕਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।