ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਬਾਰੇ ਕਮੇਟੀ ਬਣਾਉਣ ਲਈ ਵਚਨਬੱਧ ਹੈ, ਪਰ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣਾਂ ਮਗਰੋਂ ਹੀ ਅਜਿਹੀ ਕਿਸੇ ਕਮੇਟੀ ਦਾ ਗਠਨ ਕੀਤਾ ਜਾ ਸਕਦਾ ਹੈ।
ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲ ਦਾ ਜਵਾਬ ਦਿੰਦੇ ਹੋਏ ਤੋਮਰ ਨੇ ਕਿਹਾ ਕਿ ਸਰਕਾਰ ਨੇ ਪੰਜ ਰਾਜਾਂ ਦੀਆਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਇਸ ਸਬੰਧੀ ਲਿਖਿਆ ਸੀ। ਮੰਤਰੀ ਨੇ ਕਿਹਾ ਕਿ ਐੱਮਐੱਸਪੀ ’ਤੇ ਕਮੇਟੀ ਗਠਿਤ ਕਰਨ ਬਾਰੇ ਮਸਲਾ ਮੰਤਰਾਲੇ ਦੇ ਵਿਚਾਰਧੀਨ ਹੈ ਤੇ ਚੋਣਾਂ ਦਾ ਅਮਲ ਮੁਕੰਮਲ ਹੋਣ ਮਗਰੋਂ ਇਸ ਦਾ ਗਠਨ ਕਰ ਦਿੱਤਾ ਜਾਵੇਗਾ।
ਤੋਮਰ ਨੇ ਕਿਹਾ, ‘‘ਪੂਰਾ ਦੇਸ਼ ਜਾਣਦਾ ਹੈ ਕਿ ਪ੍ਰਧਾਨ ਮੰਤਰੀ ਨੇ ਫ਼ਸਲੀ ਵੰਨ-ਸੁਵੰਨਤਾ, ਕੁਦਰਤੀ ਖੇਤੀ ਅਤੇ ਐੱਮਐੱਸਪੀ ਨੂੰ ਵਧੇਰੇ ਅਸਰਦਾਰ ਤੇ ਪਾਰਦਰਸ਼ੀ ਬਣਾਉਣ ਦਾ ਐਲਾਨ ਕੀਤਾ ਸੀ। ਸਰਕਾਰ ਪ੍ਰਧਾਨ ਮੰਤਰੀ ਵੱਲੋਂ ਕੀਤੇ ਐਲਾਨ ਪ੍ਰਤੀ ਵਚਨਬੱਧ ਹੈ। ਮਸਲਾ ਮੰਤਰਾਲੇ ਦੇ ਵਿਚਾਰਧੀਨ ਹੈ।’’
ਤੋਮਰ ਨੇ ਕਿਹਾ ਕਿ (ਪੰਜ ਰਾਜਾਂ ’ਚ) ਚੋਣ ਅਮਲ ਚਲਦਾ ਹੋਣ ਕਰਕੇ ਉਨ੍ਹਾਂ ਚੋਣ ਕਮਿਸ਼ਨ ਨੂੰ ਮਾਰਗ ਦਰਸ਼ਨ ਸਬੰਧੀ ਲਿਖਿਆ ਸੀ। ਮੰਤਰੀ ਨੇ ਕਿਹਾ, ‘‘ਚੋਣ ਕਮਿਸ਼ਨ ਦਾ ਜਵਾਬ ਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਮਗਰੋਂ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।’’ ਇਸ ਵੇਲੇ ਪੰਜ ਰਾਜਾਂ- ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮਨੀਪੁਰ ਤੇ ਗੋਆ ਵਿੱਚ ਚੋਣਾਂ ਦਾ ਅਮਲ ਜਾਰੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Narendra Singh Tomar, Punjab Assembly election 2022